← ਪਿਛੇ ਪਰਤੋ
ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੀ ਲਵਾਈ ਨਾ ਕੀਤੀ ਜਾਵੇ-ਮੁੱਖ ਖੇਤੀਬਾੜੀ ਅਫਸਰ • ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ- ਡਾ ਧਰਮਿੰਦਰਜੀਤ ਸਿੰਘ ਮਾਲੇਰਕੋਟਲਾ 10 ਜੂਨ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜ਼ਿਲ੍ਹੇ ਵਿਚ ਇਸ ਸਾਲ ਝੋਨੇ ਦੀ ਲਵਾਈ ਸ਼ੁਰੂ ਹੋ ਚੁੱਕੀ ਹੈ। ਮੁੱਖ ਖੇਤੀਬਾੜੀ ਅਫਸਰ ਮਾਲੇਰਕੋਟਲਾ ਡਾ ਧਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ-44 ਦੀ ਵਿਕਰੀ ਅਤੇ ਬਿਜਾਈ/ਲਵਾਈ ਤੇ ਪੂਰਨ ਪਾਬੰਦੀ ਲਗਾਈ ਹੈ ਕਿਉਂਕਿ ਇਹ ਕਿਸਮਾਂ ਸਰਕਾਰੀ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀਆਂ, ਜਿਸ ਕਾਰਨ ਇਨ੍ਹਾਂ ਦੇ ਮੰਡੀਕਰਨ ਦੀ ਸਮੱਸਿਆ ਆਉਂਦੀ ਹੈ। ਉਹਨਾਂ ਕਿਹਾ ਕਿ ਜਿੱਥੇ ਹਾਈਬ੍ਰਿਡ ਕਿਸਮਾਂ ਦਾ ਬੀਜ ਬਹੁਤ ਮਹਿੰਗੇ ਭਾਅ ਮਿਲਦਾ ਹੈ, ਉੱਥੇ ਇਸ ਵਿਚ ਟੋਟੇ ਦੀ ਸਮੱਸਿਆ ਬਹੁਤ ਜ਼ਿਆਦਾ ਆਉਂਦੀ ਹੈ। ਪੂਸਾ-44 ਕਿਸਮ ਪੱਕਣ ਵਿਚ ਬਹੁਤ ਜ਼ਿਆਦਾ ਸਮਾਂ ਲੈਂਦੀ ਹੈ ਜਿਸ ਨਾਲ ਪਾਣੀ ਦੀ ਖਪਤ ਵੀ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ ਇਨ੍ਹਾਂ ਕਿਸਮਾਂ ਦੀ ਪਰਾਲੀ ਵੀ ਜ਼ਿਆਦਾ ਹੁੰਦੀ ਹੈ ਅਤੇ ਪਰਾਲੀ ਨੂੰ ਅੱਗ ਲਾਉਣ ਵਾਲੀਆਂ ਘਟਨਾਵਾਂ ਵਿਚ ਵਾਧਾ ਹੁੰਦਾ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਨ੍ਹਾਂ ਕਿਸਮਾਂ ਦੀ ਲਵਾਈ ਨਾ ਕੀਤੀ ਜਾਵੇ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਪੀ.ਆਰ ਕਿਸਮਾਂ ਹੀ ਲਗਾਈਆਂ ਜਾਣ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਦੀ ਵਰਤੋਂ ਵੀ ਕਰ ਸਕਦੇ ਹਨ। ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ। ਕਿਸਾਨ ਇਸ ਸਬੰਧੀ ਐਗਰੀ ਮਸ਼ੀਨਰੀ ਪੋਰਟਲ ਤੇ ਰਜਿਸਟਰੇਸ਼ਨ ਕਰ ਸਕਦੇ ਹਨ ਜਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
Total Responses : 364