ਐਸਐਸਪੀ ਬਠਿੰਡਾ ਨੇ ਤਰੱਕੀ ਮਿਲਣ ਮਗਰੋਂ ਇੰਸਪੈਕਟਰ ਹਰਜੀਤ ਸਿੰਘ ਨੂੰ ਲਾਏ ਡੀਐਸਪੀ ਵਜੋਂ ਸਟਾਰ
ਅਸ਼ੋਕ ਵਰਮਾ
ਬਠਿੰਡਾ, 10 ਜੂਨ 2025 : ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਡੀਐਸਪੀ ਬਣਾਉਣ ਦੇ ਫੈਸਲੇ ਅਧੀਨ ਅੱਜ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਇੰਸਪੈਕਟਰ ਹਰਜੀਤ ਸਿੰਘ ਮਾਨ ਨੂੰ ਸਟਾਰ ਲਾਉਣ ਦੀ ਰਸਮ ਅਦਾ ਕੀਤੀ।
ਇਸ ਮੌਕੇ ਐਸਐਸਪੀ ਨੇ ਨਵੀਂ ਜਿੰਮੇਵਾਰੀ ਸਬੰਧੀ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ। ਉਹਨਾਂ ਆਖਿਆ ਕਿ ਉਹਨਾਂ ਨੂੰ ਉਮੀਦ ਹੈ ਕਿ ਨਵੇਂ ਬਣੇ ਡੀਐਸਪੀ ਆਮ ਲੋਕਾਂ ਨੂੰ ਨਿਆਂ ਦੇਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।
ਹਰਜੀਤ ਸਿੰਘ ਮਾਨ ਨੇ ਸਹਾਇਕ ਥਾਣੇਦਾਰ ਵਜੋਂ ਕਈ ਪੁਲਿਸ ਚੌਂਕੀਆਂ ਦੇ ਇੰਚਾਰਜ ਅਤੇ ਹੋਰ ਵੱਖ ਵੱਖ ਥਾਵਾਂ ਤੇ ਸੇਵਾਵਾਂ ਨਿਭਾਈਆਂ ਸਨ ਜਿਸ ਤੋਂ ਬਾਅਦ ਸਰਕਾਰ ਨੇ ਉਹਨਾਂ ਨੂੰ ਸਬ ਇੰਸਪੈਕਟਰ ਵਜੋਂ ਤਰੱਕੀ ਦਿੱਤੀ ਸੀ।
ਪਿਛਲੇ ਕਈ ਸਾਲਾਂ ਤੋਂ ਉਹ ਇੰਸਪੈਕਟਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਜਿਸ ਦੌਰਾਨ ਉਨਾਂ ਨੇ ਵੱਖ-ਵੱਖ ਥਾਣਿਆਂ ਦੇ ਇੰਚਾਰਜ ਵਜੋਂ ਕੰਮ ਕੀਤਾ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ। ਡੀਐਸਪੀ ਹਰਜੀਤ ਸਿੰਘ ਮਾਨ ਦਾ ਕਹਿਣਾ ਸੀ ਕਿ ਉਹ ਹਰ ਮਾਮਲੇ ਵਿੱਚ ਇਨਸਾਫ ਦੇਣ ਦੀ ਪੂਰੀ ਪੂਰੀ ਕੋਸ਼ਿਸ਼ ਕਰਨਗੇ।