ਪ੍ਰਗਤੀਸ਼ੀਲ, ਬਰਾਬਰੀ ਵਾਲਾ ਸਮਾਜ ਸਿਰਜਣ ਲਈ ਭਗਤ ਕਬੀਰ ਵੱਲੋਂ ਦਿਖਾਏ ਮਾਰਗ ਤੇ ਚੱਲਣ ਦੀ ਲੋੜ_ ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 11 ਜੂਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ਼੍ਰੋਮਣੀ ਭਗਤ ਕਬੀਰ ਜੀ ਦੇ ਜਨਮ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੇ ਲੋਕਾਂ ਨੂੰ ਸੁਚੱਜੀ ਜੀਵਨ ਜਾਚ ਦਾ ਸੰਦੇਸ਼ ਦਿੱਤਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਭਗਤ ਕਬੀਰ ਦੇ ਜੀਵਨ ਅਤੇ ਫਲਸਫੇ ਨੇ ਹਮੇਸ਼ਾ ਹੀ ਲੋਕਾਂ ਨੂੰ ਆਪਸੀ ਮੇਲ-ਜੋਲ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸ਼੍ਰੋਮਣੀ ਭਗਤ ਕਬੀਰ ਜੀ ਦੇ ਆਦਰਸ਼ਾਂ ’ਤੇ ਚੱਲ ਕੇ ਏਕਤਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ।
ਲੋਕਾਂ ਨੂੰ ਸ਼੍ਰੋਮਣੀ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ’ਤੇ ਸਹੀ ਮਾਅਨਿਆਂ ’ਚ ਅਮਲ ਕਰਨ ਦਾ ਸੱਦਾ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਭਗਤ ਕਬੀਰ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ ਜਿਨ੍ਹਾਂ ਰਾਹੀਂ ਪ੍ਰੇਮ, ਸ਼ਾਂਤੀ, ਸਦਭਾਵਨਾ ਦਾ ਸਦੀਵੀ ਸੰਦੇਸ਼ ਦਿੱਤਾ ਗਿਆ।
ਲੋਕਾਂ ਨੂੰ ਮਹਾਨ ਸੰਤ ਦੇ ਆਦਰਸ਼ਾਂ ਉਤੇ ਚੱਲਣ ਦੀ ਅਪੀਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਰਸਤਾ ਸਦਭਾਵਨਾ ਵਾਲੇ ਅਤੇ ਅਗਾਂਹਵਧੂ ਸਮਾਜ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।