ਕਮਲ ਕੌਰ ਭਾਬੀ ਹੱਤਿਆ ਮਾਮਲਾ: 2 ਦਿਨਾਂ ਲਈ ਪੁਲੀਸ ਰਿਮਾਂਡ ’ਤੇ ਭੇਜੇ ਮੁਲਜਮ
ਅਸ਼ੋਕ ਵਰਮਾ
ਬਠਿੰਡਾ, 14 ਜੂਨ 2025: ਬਠਿੰਡਾ ਪੁਲਿਸ ਨੇ ਸੋਸ਼ਲ ਮੀਡੀਆ ਤੇ ਮਕਬੂਲ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੀ ਹੱਤਿਆ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਮੁਲਜ਼ਮ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਸ਼ੁੱਕਰਵਾਰ ਸ਼ਾਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿੱਥੋਂ ਉਨ੍ਹਾਂ ਨੂੰ ਰਿਮਾਂਡ ਤੇ ਭੇਜਿਆ ਗਿਆ ਹੈ। ਪੁਲਿਸ ਹੁਣ ਰਿਮਾਂਡ ਦੌਰਾਨ ਮੁਲਜਮਾਂ ਤੋਂ ਕਤਲ ਦੀ ਇਸ ਵਾਰਦਾਤ ਦੇ ਮੁੱਖ ਸਾਜਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਵੀ ਪਤਾ ਲਾਉਣ ਦੀ ਕੋਸ਼ਿਸ ਕਰੇਗੀ। ਪੁਲਿਸ ਦੀਆਂ ਵੱਖ ਵੱਖ ਟੀਮਾਂ ਨੇ ਮਹਿਰੋਂ ਨੂੰ ਤਲਾਸ਼ ਕਰਨ ਦੀ ਕਾਰਵਾਈ ਤੇਜ ਕਰ ਦਿੱਤੀ ਹੈ।
ਸੂਤਰ ਦੱਸਦੇ ਹਨ ਕਿ ਪੁਲਿਸ ਟੀਮਾਂ ਮੋਗਾ ਜਿਲ੍ਹੇ ਦੇ ਪਿੰਡ ਮਹਿਰੋਂ ਗਈਆਂ ਵੀ ਸਨ ਪਰ ਸਫਲਤਾ ਹੱਥ ਨਹੀਂ ਲੱਗ ਸਕੀ ਹੈ। ਸੂਤਰਾਂ ਨੇ ਇਹ ਵੀ ਦੱਸਿਆ ਹੈ ਕਿ ਅਮ੍ਰਿਤਪਾਲ ਸਿੰਘ ਦਾ ਪ੍ਰੀਵਾਰ ਵੀ ਪੁਲਿਸ ਨੂੰ ਮਿਲ ਨਹੀਂ ਸਕਿਆ ਹੈ। ਜਿਲ੍ਹਾ ਪੁਲਿਸ ਮੁਖੀ ਬਠਿੰਡਾ ਅਮਨੀਤ ਕੌਂਡਲ ਦਾ ਅੱਜ ਕਹਿਣਾ ਸੀ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਪਤਾ ਲਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਦਰਅਸਲ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਸ਼ੁੱਕਰਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਇਸ ਕਤਲ ਦੀ ਜਿੰਮੇਵਾਰੀ ਲੈਂਦਿਆਂ ਸੋਸ਼ਲ ਮੀਡੀਆ ਤੇ ਇਤਰਾਜਯੋਗ ਰੀਲ੍ਹਾਂ ਅਤੇ ਲੱਚਰਤਾ ਭਰਪੂਰ ਮਸਾਲਾ ਪਾਉਣ ਵਾਲਿਆਂ ਨੂੰ ਚਿਤਵਾਨੀ ਦਿੱਤੀ ਸੀ ਜਿਸ ਤੋਂ ਬਾਅਦ ਪੁਲਿਸ ਮਹਿਰੋਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨਾ ਚਾਹੁੰਦੀ ਹੈ।
ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ਪ੍ਰਭਾਵਿਕ ਕਮਲ ਕੌਰ ਜਿਸ ਦਾ ਅਸਲੀ ਨਾਮ ਕੰਚਨ ਕੁਮਾਰੀ ਹੈ ਦੀ ਲਾਸ਼ ਤਿੰਨ ਦਿਨ ਪਹਿਲਾਂ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖਲੋਤੀ ਕਾਰ ਚੋਂ ਬਰਾਮਦ ਹੋਈ ਸੀ। ਪੁਲਿਸ ਨੇ ਇਸ ਕਤਲ ਸਬੰਧੀ ਜਸਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਮਹਿਰੋਂ ਜਿਲ੍ਹਾ ਮੋਗਾ ਅਤੇ ਨਿਮਰਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਹਰੀਕੇ ਪੱਤਣ ਜਿਲ੍ਹਾ ਤਰਨਤਾਰਨ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਪਪਪਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ‘ਕਤਲ’ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਇਸ਼ਾਰੇ ’ਤੇ ਹੋਇਆ ਹੈ।