ਝੋਨੇ ਦੀ ਫ਼ਸਲ ਵਿਚ ਸਿਫਾਰਸ਼ਸ਼ੁਦਾ ਦੀ ਖਾਦਾਂ ਦੀ ਹੀ ਵਰਤੋਂ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫਸਰ
- ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਬਲਾਕ ਦੀਨਾਨਗਰ ਅਤੇ ਕਾਹਨੂੰਵਾਨ ਦੇ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਚੈਕਿੰਗ ਕੀਤੀ
ਰੋਹਿਤ ਗੁਪਤਾ
ਗੁਰਦਾਸਪੁਰ : 17 ਜੂਨ 2025: ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਜੀ ਦੇ ਹੁਕਮਾਂ ਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਗੁਰਦਾਸਪੁਰ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹਾ ਪੱਧਰੀ ਟੀਮ ਵਲੋਂ ਬਲਾਕ ਦੀਨਾਨਗਰ ਅਤੇ ਕਾਹਨੂੰਵਾਨ ਦੇ ਪੇਂਡੂ ਖੇਤਰਾਂ ਵਿਚ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਯੂਰੀਆ ਖਾਦ ਦੀ ਕਾਲਾਬਜ਼ਾਰੀ ਜਾਂ ਜਮਾਂਖੋਰੀ ਨੂੰ ਰੋਕਿਆ ਜਾ ਸਕੇ।। ਇਸ ਟੀਮ ਦੀ ਅਗਵਾਈ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ ਅਤੇ ਟੀਮ ਵਿਚ ਹੋਰਨਾਂ ਤੋਂ ਇਲਾਵਾ ਡਾ. ਮਨਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਡਾਕਟਰ ਗੁਰਪ੍ਰੀਤ ਸਿੰਘ , ਡਾਕਟਰ ਬਲਜਿੰਦਰ ਸਿੰਘ ਖ਼ੇਤੀਬਾੜੀ ਅਫ਼ਸਰ ਅਤੇ ਡਾ. ਅੰਮ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਤੇ ਹੋਰ ਅਧਿਕਾਰੀ ਸ਼ਾਮਿਲ ਸਨ।
ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਦੀ ਲਵਾਈ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚਲ ਰਿਹਾ ਹੈ ਜੋਂ ਅਗਲੇ ਕੁਝ ਦਿਨਾਂ ਦੌਰਾਨ ਮੁਕੰਮਲ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਕਿਸਾਨਾਂ ਨੁੰ ਸਰਕਾਰ ਵਲੋਂ ਨਿਰਧਾਰਿਤ ਮੁੱਲ ਤੇ ਖੇਤੀ ਸਮਗਰੀ ਖਾਸ ਕਰਕੇ ਖਾਦਾ ਉਪਲਬਧ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸਬੰਧਤ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਤੋਂ ਇਲਾਵਾ ਕਾਗਜ਼ਾਤ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ । ਉਨਾਂ ਦੱਸਿਆ ਕਿ ਝੋਨੇ ਦੀ ਫ਼ਸਲ ਦੀ ਲਵਾਈ ਨੂੰ ਦੇਖਦਿਆਂ ਖਾਦਾਂ ਜਿਵੇਂ ਯੂਰੀਆ ਆਦਿ ਦੇ ਅਗਾਂਹ ਪ੍ਰਬੰਧ ਕੀਤੇ ਗਏ ਹਨ ਤਾਂ ਜੋਂ ਕਿਸੇ ਕਿਸਾਨ ਨੁੰ ਖਾਦ ਦੀ ਖਰੀਦ ਸਮੇਂ ਕੋਈ ਮੁਸ਼ਕਲ ਪੇਸ਼ ਨਾਂ ਆਵੇ ।
ਉਨ੍ਹਾਂ ਦੱਸਿਆ ਕਿ ਜੂਨ 2025 ਤਕ ਕੁੱਲ 62 ਹਜ਼ਾਰ ਮੀਟ੍ਰਿਕ ਟਨ ਯੂਰੀਆ ਅਤੇ 14500 ਮੀਟ੍ਰਿਕ ਟਨ ਡੀ ਏ ਪੀ ਖਾਦ ਚਾਹੀਦੀ ਹੈ ਜਦ ਕਿ ਮਿਤੀ 17 ਜੂਨ ਤੱਕ ਜ਼ਿਲਾ ਗੁਰਦਾਸਪੁਰ ਵਿਚ 51639 ਮੀਟ੍ਰਿਕ ਟਨ ਯੂਰੀਆ ਅਤੇ 6137 ਮੀਟ੍ਰਿਕ ਟਨ ਡੀ ਏ ਪੀ ਖਾਦ ਪਹੁੰਚ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਫ਼ਸਲ ਨੂੰ ਫਾਸਫੋਰਸ ਖੁਰਾਕੀ ਤੱਤ ਦੀ ਪੂਰਤੀ ਲਈ ਡੀ ਏ ਪੀ ਅਤੇ ਸਿੰਗਲ ਸੁਪਰ ਫਾਸਫੇਟ ਖਾਦ ਦੀ ਲਵਾਈ ਤੋਂ 3-4 ਦਿਨਾਂ ਬਾਅਦ ਛੱਟੇ ਨਾਲ ਵਰਤੋਂ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਵਧੇਰੇ ਫਾਸਫੋਰਸ ਖੁਰਾਕੀ ਤੱਤ ਦੀ ਵਰਤੋਂ ਕਰਾਂਗੇ ਤਾਂ ਫ਼ਸਲ ਵਿਚ ਜ਼ਿੰਕ ਦੀ ਘਾਟ ਆਵੇਗੀ ਕਿਉਂਕਿ ਜ਼ਿਆਦਾ ਫਾਸਫੋਰਸ ਖੁਰਾਕੀ ਤੱਤ, ਮਿੱਟੀ ਵਿੱਚ ਮੌਜੂਦ ਜ਼ਿੰਕ ਨੁੰ ਪੌਦਿਆਂ ਲਈ ਨਾਂ ਵਰਤੋਂਯੋਗ ਹਾਲਤ ਵਿੱਚ ਕਰ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਣਕ ਦੀ ਫ਼ਸਲ ਨੂੰ ਇੱਕ ਬੋਰੀ ਡੀ ਏ ਪੀ ਖਾਦ ਪਾਈ ਗਈ ਸੀ ਤਾਂ ਝੋਨੇ ਜਾਂ ਬਾਸਮਤੀ ਦੀ ਫ਼ਸਲ ਨੂੰ ਡੀ ਏ ਪੀ ਖਾਦ ਪਾਉਣ ਦੀ ਜ਼ਰੂਰਤ ਨਹੀਂ । ਉਨ੍ਹਾਂ ਕਿਹਾ ਕਿ ਬਾਜ਼ਾਰ ਵਿਚ ਆਮ ਕਿਸਾਨ ਡੀ ਏ ਪੀ ਦੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕਰ ਰਹੇ ।ਉਨ੍ਹਾਂ ਦੱਸਿਆ ਬਾਜ਼ਾਰ ਵਿਚ ਸੁਪਰ ਜਿਪਸਮ ਦੇ ਨਾਮ ਤੇ ਜਿੱਪਸਮ ਦੀ ਵਿਕਰੀ ਹੋ ਰਹੀ ਹੈ ਜਿਸ ਨੂੰ ਬਤੌਰ ਸਿੰਗਲ ਸੁਪਰ ਫਾਸਫੈਟ ਨਾਂ ਪਾਇਆ ਜਾਵੇ। ਉਨ੍ਹਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕਿ ਸੁਪਰ ਜਿਪਸਮ ਨੂੰ ਜਿਪਸਮ ਦੇ ਤੌਰ ਤੇ ਹੀ ਵੇਚਿਆ ਜਾਵੇ ਨਾਂ ਕਿ ਸਿੰਗਲ ਸੁਪਰ ਫੋਸਫੇਟ।
ਉਨਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ।ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ ਏ ਪੀ ਖਾਦ ਮਿਲ ਸਕੇ।ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾਂ ਖਾਦ ਦਾ ਸਟਾਕ ਅਤੇ ਰੇਤ ਲਿਖਿਆ ਜਾਵੇ।
ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।