ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਮਨਾਇਆ ਗਿਆਰਵਾਂ ਕੌਮਾਂਤਰੀ ਯੋਗਾ ਦਿਵਸ
ਅਸ਼ੋਕ ਵਰਮਾ
ਬਠਿੰਡਾ, 21 ਜੂਨ 2025: ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਵਿਖੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੂਨੀਵਰਸਿਟੀ ਕੈੰਪਸ ਵਿੱਚ ਇੱਕ ਵਿਸ਼ਾਲ ਸਮੂਹਿਕ ਯੋਗ ਸੈਸ਼ਨ ਕਰਵਾਇਆ ਗਿਆ। ਇਹ ਸਮਾਗਮ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ, ਜਿਸ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ, ਅਧਿਆਪਕਾਂ, ਸਟਾਫ਼ ਅਤੇ ਕੇਂਦਰੀ ਵਿਦਿਆਲਿਆ ਸੰਗਠਨ ਦੇ ਵਿਦਿਆਰਥੀਆਂ ਸਮੇਤ ਲਗਭਗ 290 ਭਾਗੀਦਾਰਾਂ ਨੇ ਹਿੱਸਾ ਲਿਆ।ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦੀ ਥੀਮ "ਇੱਕ ਧਰਤੀ, ਇੱਕ ਸਿਹਤ ਲਈ ਯੋਗ" ਸੀ, ਜੋ ਕਿ ਮਨੁੱਖੀ ਸਿਹਤ ਅਤੇ ਵਾਤਾਵਰਣਿਕ ਸੰਤੁਲਨ ਵਿਚਕਾਰ ਗਹਿਰੀ ਸਾਂਝ ਨੂੰ ਉਜਾਗਰ ਕਰਦੀ ਹੈ।
ਸਮਾਗਮ ਵਿੱਚ ਯੋਗ ਭਾਰਤੀ ਹਿਮਾਚਲ ਦੇ ਸੰਸਥਾਪਕ ਸ੍ਰੀ ਸ਼੍ਰੀਨਿਵਾਸ ਮੂਰਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮੁੱਚੀ ਤੰਦਰੁਸਤੀ ਲਈ ਯੋਗਾ ਨੂੰ ਰੋਜ਼ਾਨਾ ਜੀਵਨਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਕਰਮਜੀਤ ਸਿੰਘ ਅਤੇ ਸ਼੍ਰੀ ਗੋਪਾਲ ਸੋਨੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਹਨਾਂ ਯੋਗ ਦੇ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ।
ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਸਾਰਿਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਯੋਗ ਭਾਰਤ ਦੀ ਗਿਆਨ ਪਰੰਪਰਾ ਦਾ ਅਨਮੋਲ ਤੋਹਫਾ ਹੈ, ਜੋ ਕਿ ਮਨੁੱਖ ਦੀ ਸਰੀਰਕ, ਮਾਨਸਿਕ ਅਤੇ ਆਤਮਿਕ ਤੰਦਰੁਸਤੀ ਲਈ ਇੱਕ ਸੰਪੂਰਨ ਸਾਧਨ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੀ ਦੁਨੀਆ, ਜੋ ਟਕਰਾਵਾਂ ਅਤੇ ਸੰਘਰਸ਼ਾਂ ਨਾਲ ਭਰੀ ਹੋਈ ਹੈ, ਉਸ ਵਿੱਚ ਭਾਰਤ ਦੀ ਪ੍ਰਾਚੀਨ ਗਿਆਨ ਪਰੰਪਰਾ ਦੁਨੀਆ ਨੂੰ ਸ਼ਾਂਤੀ ਅਤੇ ਸਹਿਯੋਗ ਦਾ ਰਸਤਾ ਵਿਖਾ ਰਹੀ ਹੈ।ਸਮਾਗਮ ਦੌਰਾਨ ਭਾਗੀਦਾਰਾਂ ਨੇ ਆਯੁਸ਼ ਮੰਤਰਾਲੇ ਵੱਲੋਂ ਜਾਰੀ "ਕੌਮਨ ਯੋਗਾ ਪ੍ਰੋਟੋਕੋਲ" ਅਨੁਸਾਰ ਯੋਗਾਸਨ, ਕਪਾਲਭਾਤੀ, ਪ੍ਰਾਣਾਯਾਮ, ਧਿਆਨ ਆਦਿ ਦਾ ਅਭਿਆਸ ਕੀਤਾ ਸਮਾਗਮ ਦੇ ਅੰਤ 'ਤੇ ਰਜਿਸਟਰਾਰ ਡਾ. ਵਿਜੇ ਸ਼ਰਮਾ ਨੇ ਸਾਰਿਆਂ ਦਾ ਰਸਮੀ ਧੰਨਵਾਦ ਕੀਤਾ।
- Download Babushahi App
-
-