ਪੁਲਿਸ ਨੇ 19, 007 ਨਸ਼ਾ ਤਸਕਰ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ- ਵਿਧਾਇਕ ਰੰਧਾਵਾ
ਨਸ਼ਾ ਵਿਰੋਧੀ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਲਈ ਪੰਜਾਬੀ ਉੱਠ ਖੜੇ ਹੋਏ - ਰੰਧਾਵਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 25 ਜੂਨ 2025- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੇ ਗਏ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਜਾਰੀ ਹੈ। ਪੰਜਾਬ ਪੁਲਿਸ ਨੇ ਬੀਤੇ 115 ਦਿਨਾਂ ਅੰਦਰ 19, 007 ਨਸ਼ਾ ਤਸਕਰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਅੰਦਰ ਭੇਜੇ ਹਨ।
ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਇਸ ਸਮਾਜਿਕ ਕੁਰੀਤੀ ਨੂੰ ਖ਼ਤਮ ਲਈ ਲੋਕਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ ਅਤੇ ਪੰਜਾਬ ਵਾਸੀ ਵੀ ਹੁਣ ਨਸ਼ਿਆਂ ਵਿਰੁੱਧ ਉੱਠ ਖੜੇ ਹੋਏ ਹਨ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਰਣਨੀਤੀ ਤਹਿਤ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਰਾਜ਼ੀ ਕਰਕੇ ਉਨ੍ਹਾਂ ਨੇ ਮੁੜ ਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਕੇ ਇੱਕ ਵਾਰ ਫਿਰ 'ਰੰਗਲਾ ਪੰਜਾਬ' ਬਣਾਇਆ ਜਾਵੇਗਾ।
- Download Babushahi App
-
-