ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਰੀਵਿਊ ਕੀਤਾ
ਫ਼ਸਲੀ ਵਿਭਿੰਨਤਾ ਲਿਆਉਣ ਲਈ ਖੇਤੀਬਾੜੀ, ਬਾਗ਼ਬਾਨੀ ਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਰੋਹਿਤ ਗੁਪਤਾ
ਗੁਰਦਾਸਪੁਰ, 25 ਜੂਨ ਖੇਤੀਬਾੜੀ ਅਤੇ ਸਬੰਧਿਤ ਵਿਭਾਗਾਂ ਦੁਆਰਾ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਡਾ. ਰਾਜਵਿੰਦਰ ਕੌਰ ਸਹਾਇਕ ਪ੍ਰੋਫੈਸਰ, ਡਾ. ਦੀਪਤੀ, ਡਾ. ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਡਾ. ਹਰਪ੍ਰੀਤ ਸਿੰਘ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ, ਦਲਜੀਤ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ, ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਹਰਚਰਨ ਸਿੰਘ ਕੰਗ ਭੂਮੀ ਰੱਖਿਆ ਵਿਭਾਗ, ਲਵਜੀਤ ਸਿੰਘ ਏ.ਆਰ. ਸਹਿਕਾਰੀ ਸਭਾਵਾਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਾਲ 2024-25 ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ 199 ਦਰਜ ਕੀਤੀਆਂ ਗਈਆਂ ਸਨ ਜੋ ਸਾਲ 2023 ਦੇ ਮੁਕਾਬਲੇ ਕਰੀਬ 48 ਫ਼ੀਸਦੀ ਘੱਟ ਸਨ। ਉਨ੍ਹਾਂ ਕਿਹਾ ਕਿ ਇਸ ਸਾਲ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ 'ਤੇ ਲਿਆਉਣ ਲਈ ਹੁਣ ਤੋਂ ਹੀ ਵਿਉਂਤਬੰਦੀ ਕਰ ਦਿੱਤੀ ਗਈ ਹੈ, ਜਿਸ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਵੱਲੋਂ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸੰਭਾਲਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿਸਾਨਾਂ, ਗਰਾਮ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ 'ਤੇ ਦਿੱਤੀ ਖੇਤੀ ਮਸ਼ੀਨਰੀ ਨੂੰ ਉੱਨਤ ਕਿਸਾਨ ਐਪ ਤੇ ਮੈਪਿੰਗ ਕਰ ਦਿੱਤਾ ਜਾਵੇਗਾ ਤਾਂ ਜੋ ਪਰਾਲੀ ਸੰਭਾਲਣ ਵਾਲੀ ਮਸ਼ੀਨਰੀ ਹਰੇਕ ਕਿਸਾਨ ਦੀ ਪਹੁੰਚ ਤੱਕ ਹੋਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਮਿਆਰੀ ਖਾਦਾਂ ਅਤੇ ਕੀਟ ਨਾਸ਼ਕਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਜਿੰਨਾ ਡੀਲਰਾਂ ਦੇ ਸੈਂਪਲ ਗੈਰ ਮਿਆਰੀ ਪਾਏ ਜਾ ਰਹੇ ਹਨ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ 60 ਫ਼ੀਸਦੀ ਖਾਦਾਂ ਮੁਹੱਈਆ ਕਰਵਾਉਂਦੀਆਂ ਹਨ, ਜਿਸ ਦਾ ਮਿਆਰ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਵਿਚ ਖਾਦਾਂ ਅਤੇ ਹੋਰ ਸਮਗਰੀ ਦੀ ਵੰਡ ਪ੍ਰਣਾਲੀ ਅਤੇ ਮਿਆਰੀਪਣ ਨੂੰ ਬਰਕਰਾਰ ਰੱਖਣ ਲਈ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਟੀਮ ਦਾ ਗਠਨ ਕੀਤਾ ਗਿਆ ਹੈ ਜੋ ਸਭਾਵਾਂ ਦੀ ਚੈਕਿੰਗ ਦੇ ਨਾਲ ਨਾਲ ਖਾਦਾਂ ਦੇ ਨਮੂਨੇ ਵੀ ਭਰੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਇੱਕ ਸਾਲ ਖੇਤੀ ਸਮਗਰੀ ਵਿਕ੍ਰੇਤਾਵਾਂ ਲਈ ਖੇਤੀਬਾੜੀ ਪਸਾਰ ਸਰਵਿਸ ਵਿਚ ਡਿਪਲੋਮਾ ਮਿਤੀ 28 ਜੂਨ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦੀਆਂ 40 ਸੀਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ 2000 ਹੈੱਕ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ ਜਿਸ ਵਿਚੋਂ 1750 ਏਕੜ ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਮੱਕੀ ਦੀ ਖ਼ਰੀਦ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਕੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇਗਾ। ਉਨ੍ਹਾਂ ਡਿਪਟੀ ਰਜਿਸਟਰਾਰ ਸਹਿਕਾਰਤਾ ਵਿਭਾਗ ਨੂੰ ਹਦਾਇਤ ਕੀਤੀ ਕਿ ਸਹਿਕਾਰੀ ਸਭਾਵਾਂ ਵਿਚ ਮੌਜੂਦ ਖੇਤੀ ਮਸ਼ੀਨਰੀ ਬਾਰੇ ਮੁਕੰਮਲ ਜਾਣਕਾਰੀ ਇੱਕ ਹਫ਼ਤੇ ਵਿੱਚ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਸ ਅਨੁਸਾਰ ਵਿਉਂਤਬੰਦੀ ਕੀਤੀ ਜਾ ਸਕੇ।
ਇਸੇ ਤਰਾਂ ਡਿਪਟੀ ਡਾਇਰੈਕਟਰ ਬਾਗ਼ਬਾਨੀ ਨੂੰ ਵੀ ਹਦਾਇਤ ਕੀਤੀ ਕਿ ਆਲੂ ਅਤੇ ਮਟਰਾਂ ਦੀ ਕਾਸ਼ਤ ਕਰਨ ਵਾਲੇ ਪਿੰਡਾਂ ਅਤੇ ਕਿਸਾਨਾਂ ਬਾਰੇ ਮੁਕੰਮਲ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਪਿੰਡਾਂ ਵਿਚ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਦਾ ਪ੍ਰਬੰਧ ਕੀਤਾ ਜਾ ਸਕੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਪੋ-ਆਪਣੇ ਟੀਚੇ ਹਰ ਹਾਲਤ ਵਿੱਚ ਮੁਕੰਮਲ ਕੀਤੇ ਜਾਣ । ਉਨ੍ਹਾਂ ਸਮੂਹ ਵਿਭਾਗ ਮੁਖੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਲਗਾਏ ਜਾਂਦੇ ਜਾਗਰੂਕਤਾ ਕੈਂਪਾਂ ਵਿੱਚ ਸਬੰਧਿਤ ਬਲਾਕ ਵਿੱਚ ਤਾਇਨਾਤ ਵਿਭਾਗ ਦੇ ਅਧਿਕਾਰੀ ਸ਼ਾਮਿਲ ਹੋ ਕੇ ਵਿਭਾਗੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ।
ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਕਾਸ਼ਤਕਾਰੀ ਤਕਨੀਕਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ, ਬਲਾਕ ਪੱਧਰ 'ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਈ ਮਹੀਨੇ ਦੌਰਾਨ 262 ਪਿੰਡ ਪੱਧਰੀ, 10 ਬਲਾਕ ਪੱਧਰੀ ਕੈਂਪ ਲਗਾ ਕੇ 4752 ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ । ਇਸ ਦੇ ਨਾਲ ਹੀ ਖੇਤੀਬਾੜੀ ਵਿਭਾਗ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗੀ ਮੁਖੀਆਂ ਵੱਲੋਂ ਵਿਭਾਗ ਵੱਲੋਂ ਕੀਤੀ ਗਈ ਪ੍ਰਗਤੀ ਬਾਰੇ ਰਿਪੋਰਟ ਪੇਸ਼ ਕੀਤੀ ।