ਤਹਸੀਲਦਾਰ ਨੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 27 ਜੂਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਬਰਸਾਤੀ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਪੂਰੀ ਤਰਾਂ ਤਿਆਰ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਂ ਰਹਿੰਦੇ ਹੋਏ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਹੀ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਕੀਤੇ ਜਾ ਰਹੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਤਹਿਸੀਲਦਾਰ ਡੇਰਾ ਬਾਬਾ ਨਾਨਕ ਲਛਮਣ ਸਿੰਘ ਰੰਧਾਵਾ ਅਤੇ ਬੀ.ਐੱਸ.ਐੱਫ਼ ਦੇ ਅਧਿਕਾਰੀਆਂ ਵੱਲੋਂ ਲਿਆ ਗਿਆ।
ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਤਹਿਸੀਲਦਾਰ ਲਛਮਣ ਸਿੰਘ ਨੇ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸੰਭਾਵੀ ਹੜ੍ਹਾਂ ਦੇ ਟਾਕਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਵੱਲੋਂ ਬੀ.ਐੱਸ.ਐੱਫ. ਤੇ ਹੋਰ ਰਾਹਤ ਬਲਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ ਅਤੇ ਕਿਸੇ ਵੀ ਹੰਗਾਮੀ ਸਥਿਤੀ ਲਈ ਪੂਰਾ ਪਲਾਨ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਬਚਾਅ ਲਈ ਜੋ ਵੀ ਸਾਜੋ-ਸਮਾਨ ਲੋੜੀਂਦਾ ਹੈ, ਉਸ ਦੀ ਉਪਲਬਧਤਾ ਯਕੀਨੀ ਬਣਾ ਲਈ ਗਈ ਹੈ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਬਰਸਾਤੀ ਨਾਲਿਆਂ ਦੀ ਸਫ਼ਾਈ ਵੀ ਕੀਤੀ ਜਾ ਰਹੀ ਹੈ ਤਾਂ ਜੋ ਪਾਣੀ ਦੀ ਨਿਕਾਸੀ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਦੌਰਾਨ ਤਹਿਸੀਲਦਾਰ ਲਛਮਣ ਸਿੰਘ ਵੱਲੋਂ ਬੀ.ਐੱਸ.ਐੱਫ਼ ਦੇ ਅਧਿਕਾਰੀਆਂ ਦੇ ਨਾਲ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਅਤੇ ਘਣੀਏ-ਕੇ-ਬੇਟ ਇਲਾਕੇ ਦਾ ਦੌਰਾ ਕੀਤਾ ਗਿਆ।