ADC ਨੇ ਖਾਲੀ ਪਏ ਪਲਾਂਟਾਂ ਲਈ ਹੁਕਮ ਕੀਤੇ ਜਾਰੀ
ਫਿਰੋਜ਼ਪੁਰ, 29 ਜੂਨ 2025 - ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦਮਨਜੀਤ ਸਿੰਘ ਮਾਨ ਪੀ.ਸੀ.ਐਸ. ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜੇ ਅਧੀਨ ਖਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ ਜਿਸ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ ਜੇ ਵੱਖ-ਵੱਖ ਪ੍ਰਕਾਰ ਦੀਆਂ ਬੀਮਾਰੀਆਂ (ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨਿਆ ਆਦਿ) ਫੈਲਾਉਂਦੇ ਹਨ। ਇਸ ਤਰ੍ਹਾਂ ਇਹ ਬਿਮਾਰੀਆਂ ਸ਼ਹਿਰ ਵਾਸੀਆਂ ਦੀ ਸਿਹਤ ਲਈ ਇੱਕ ਗੰਭੀਰ ਅਤੇ ਜਾਨਲੇਵਾ ਖਤਰਾ ਹਨ। ਅਜਿਹੀ ਸਥਿਤੀ ਵਿੱਚ ਇਹਨਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਇਹਨਾਂ ਖਾਲੀ ਪਏ ਪਲਾਟਾਂ ਦੀ ਸਾਫ-ਸਫਾਈ ਹੋਈ ਜਰੂਰੀ ਹੈ।
ਇਸ ਲਈ ਮਨੁੱਖੀ ਸਿਹਤ ਅਤੇ ਉਪਰੋਕਤ ਤੱਥਾਂ ਨੂੰ ਮੁੱਖ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਫ਼ਿਰੋਜ਼ਪੁਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਨਿੱਜੀ ਕਬਜੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬੀਮਾਰੀਆ ਦੇ ਬਚਾਅ ਲਈ ਅਗਾਉ ਢੁੱਕਵੇਂ ਪ੍ਰਬੰਧ ਯਕੀਨੀ ਬਨਾਉਣ ਹੁਕਮ ਜਾਰੀ ਕੀਤਾ ਹੈ |
ਉਨ੍ਹਾਂ ਜਾਰੀ ਹੁਕਮ ਵਿੱਚ ਕਿਹਾ ਕਿ ਸ਼ਹਿਰ ਵਿੱਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਣੇ ਖਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ ਤੇ ਕਰਵਾਉਣੀ ਯਕੀਨੀ ਬਨਾਉਣਗੇ। ਆਪਣੀ ਮਾਲਕੀ/ਕਬਜੇ ਵਾਲੇ ਖਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਫੈਨਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਪਲਾਟ ਵਿੱਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।
ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਇਕ ਤਰਫਾ ਪਾਸ ਕੀਤਾ ਜਾਂਦਾ ਹੈ ਜੋ ਆਮ ਜਨਤਾ ਨੂੰ ਸੰਬੋਧਿਤ ਹੈ। ਇਹਨਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਵਿਅਕਤੀਆਂ/ਅਦਾਰਿਆ ਵਿਰੁੱਧ ਜੁਰਮਾਨਾ ਅਤੇ ਕਾਨੂੰਨੀ ਕਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਪਲਾਟ ਦੀ ਸਾਫ-ਸਫਾਈ ਦਾ ਕੰਮ ਨਗਰ ਕੌਂਸਲ/ਪੰਚਾਇਤ ਵੱਲੋਂ ਕਰਵਾਇਆ ਜਾਂਦਾ ਹੈ ਤਾਂ ਸਾਫ ਸਫਾਈ ਤੇ ਹੋਣ ਵਾਲੇ ਖਰਚ ਦੀ ਰਿਕਵਰੀ ਪਲਾਟ ਦੇ ਕਾਬਜ/ਮਾਲਕ ਪਾਸੋਂ ਕੀਤੀ ਜਾਵੇ।
ਇਹ ਹੁਕਮ ਮਿਤੀ 28.06.2025 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।