ਅੰਤਰਜਾਤੀ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਸਰਕਾਰ ਵੱਲੋਂ ਮਾਲੀ ਸਹਾਇਤਾ ਦਿੱਤੀ : ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 30 ਜੂਨ - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫ਼ਤਰ ਵਿਖੇ ਜ਼ਿਲ੍ਹਾ ਗੁਰਦਾਸਪੁਰ ਨਾਲ ਅੰਤਰਜਾਤੀ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਪੰਜਾਬ ਸਰਕਾਰ ਵੱਲੋਂ ਆਰਥਿਕ ਸਹਾਇਤਾ ਦੇ ਰੂਪ ਵਿੱਚ ਕੌਮੀ ਬੱਚਤ ਪੱਤਰ ਵੰਡੇ ਗਏ।
ਇਸ ਮੌਕੇ ਅੰਤਰਜਾਤੀ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਮੁਬਾਰਕਬਾਦ ਦਿੰਦਿਆਂ ਅਤੇ ਉਨ੍ਹਾਂ ਦੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਬਰਾਬਰਤਾ ਲਿਆਉਣ ਅਤੇ ਜਾਤ-ਪਾਤ ਨੂੰ ਖ਼ਤਮ ਕਰਨ ਲਈ ਅੰਤਰਜਾਤੀ ਵਿਆਹਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਤਰਜਾਤੀ ਵਿਆਹ ਕਰਵਾਉਣ ਵਾਲੇ ਜੋੜੇ ਵਿਚ ਲੜਕਾ ਜਾਂ ਲੜਕੀ ਅਨਸੂਚਿਤ ਜਾਤੀ ਨਾਲ ਸਬੰਧਿਤ ਹੋਵੇ ਤਾਂ ਪੰਜਾਬ ਸਰਕਾਰ ਵੱਲੋਂ ਅਜਿਹੇ ਜੋੜਿਆਂ ਨੂੰ 50000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜੋੜਿਆਂ ਨੂੰ 30 ਹਜ਼ਾਰ ਦੀ ਗਰਾਂਟ ਚੈੱਕ ਦੇ ਰੂਪ ਵਿੱਚ ਅਤੇ 20 ਹਜ਼ਾਰ ਰੁਪਏ ਦੇ ਕੌਮੀ ਬੱਚਤ ਪੱਤਰ ਦਿੱਤੇ ਜਾਂਦੇ ਹਨ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ 42 ਜੋੜਿਆਂ ਨੂੰ ਪੰਜਾਬ ਸਰਕਾਰ ਵੱਲੋਂ ਮਾਲੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜੋੜਿਆਂ ਨੂੰ 30 ਹਜ਼ਾਰ ਰੁਪਏ ਦੀ ਗਰਾਂਟ ਏਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਚੁੱਕੀ ਹੈ ਜਦਕਿ 20 ਹਜ਼ਾਰ ਰੁਪਏ ਦੇ ਕੌਮੀ ਬੱਚਤ ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜੋੜਿਆਂ ਵਿਚੋਂ ਕਈ ਜੋੜਿਆਂ ਨੂੰ 10 ਸਾਲ ਤੋਂ ਵੀ ਜਿਆਦਾ ਸਮਾਂ ਵਿਆਹ ਹੋਏ ਨੂੰ ਹੋ ਗਿਆ ਸੀ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਨੂੰ ਕੋਈ ਮਾਲੀ ਸਹਾਇਤਾ ਨਹੀਂ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਮਾਜਿਕ ਬਰਾਬਰਤਾ ਲਈ ਇੱਕ ਹੋਰ ਪਹਿਲ ਕਦਮੀ ਕਰਦਿਆਂ ਅੰਤਰਜਾਤੀ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਮਾਲੀ ਸਹਾਇਤਾ ਦਿੱਤੀ ਹੈ।
ਏਸੇ ਦੌਰਾਨ ਅੰਤਰਜਾਤੀ ਵਿਆਹ ਕਰਵਾਉਣ ਵਾਲੇ ਜੋੜਿਆਂ ਨੇ ਮਾਲੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।