ਵੱਡੀ ਖ਼ਬਰ: ਪਾਕਿਸਤਾਨ ਦੇ ਨਾਲ ਲੱਗਦੇ ਇਲਾਕਿਆਂ 'ਚ ਲਾਈਆਂ ਸਖ਼ਤ ਪਾਬੰਦੀਆਂ
ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਾਜਿਲਕਾ 1 ਜੁਲਾਈ 2025- ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ-ਰਾਸ਼ਟਰੀ ਬਾਰਡਰ ਏਰੀਆ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਕਵਾਡ ਕਾਪਟਰ/ਡਰੋਨ ਕੈਮਰੇ ਆਦਿ ਉਡਾਉਣ ਤੇ ਪਾਬੰਦੀ ਲਗਾਈ ਗਈ ਹੈ।
ਇੱਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਉਨ੍ਹਾਂ ਜ਼ਿਲ੍ਹਾ ਫਾਜ਼ਿਲਕਾ ਵਿਖੇ ਵਹਿੰਦੇ ਨਹਿਰਾਂ/ਚੋਆਂ/ਦਰਿਆਵਾਂ ਵਿੱਚ ਨਹਾਉਣ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਵਿੱਚ ਪੈਂਦੇ ਅੰਤਰਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿੰਮ ਕਾਰਡ ਰੱਖਣ ਅਤੇ ਵਰਤੋਂ ਕਰਨ ਤੇ ਵੀ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਬਾਰਡਰ ਨੇੜਲੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਵੀ ਰੋਕ ਲਗਾਈ ਹੈ। ਇਹ ਸਾਰੇ ਹੁਕਮ ਮਿਤੀ 31 ਅਗਸਤ 2025 ਤੱਕ ਲਾਗੂ ਰਹਿਣਗੇ।