ਵਿਧਾਇਕ ਨੇ ਘੱਗਰ ਬੰਨ੍ਹ ਦਾ ਕੀਤਾ ਨਿਰੀਖਣ
ਕਿਹਾ, ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਤਿਆਰ
ਮਲਕੀਤ ਸਿੰਘ ਮਲਕਪੁਰ
ਲਾਲੜੂ 1 ਜੁਲਾਈ 2025: ਬੀਤੇ ਦੋ ਤਿੰਨ ਦਿਨਾਂ ਤੋਂ ਪੈ ਰਹੀ ਬਰਸਾਤ ਅਤੇ ਪਹਾੜੀ ਖੇਤਰਾਂ ਤੋਂ ਆ ਰਹੇ ਵਾਧੂ ਪਾਣੀ ਕਾਰਨ ਡੇਰਾਬੱਸੀ ਹਲਕੇ ਵਿਚ ਘੱਗਰ ਦਰਿਆ ਅਤੇ ਨਦੀਆਂ ਨਾਲੇ ਉਫਾਨ 'ਤੇ ਹਨ। ਇਸ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਤੇ ਹੜ੍ਹ ਰੋਕੂ ਪ੍ਰਬੰਧਾਂ ਦੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲਿਆ । ਰੰਧਾਵਾ ਨੇ ਹਲਕੇ ਦੇ ਲੋਕਾਂ ਦੇ ਜਾਨ- ਮਾਲ ਤੇ ਪਸ਼ੂ -ਧਨ ਦੀ ਰਾਖੀ ਲਈ ਹੜ੍ਹਾਂ ਤੋਂ ਰੋਕਥਾਮ ਵਾਸਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲਾਲੜੂ ਦੇ ਪਿੰਡ ਟਿਵਾਣਾ ਵਿਖੇ ਸਥਿਤੀ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਤੋਂ ਘੱਗਰ ਦਰਿਆ ਵਿਚ ਪਾਣੀ ਦੇ ਵਧ ਰਹੇ ਪੱਧਰ ਬਾਰੇ ਜਾਣਕਾਰੀ ਤੇ ਕਰੋੜਾਂ ਰੁਪਏ ਦੀ ਲਾਗਤ ਨਾਲ਼ ਤਿਆਰ ਕੀਤੇ ਗਏ ਬੰਨ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ। ਇਸ ਮੌਕੇ ਗੱਲਬਾਤ ਦੌਰਾਨ ਵਿਧਾਇਕ ਰੰਧਾਵਾ ਨੇ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਜ਼ਰੂਰਤ ਨਹੀਂ ਤੇ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ । ਨੀਵੇਂ ਇਲਾਕਿਆਂ ਵਿੱਚ ਪਾਣੀ ਨਿਕਾਸੀ ਦੇ ਪ੍ਰਬੰਧ ਬਹਾਲ ਕਰਨ ਲਈ ਪ੍ਰਸ਼ਾਸ਼ਨਿਕ ਅਧਿਕਾਰੀ ਹਲਕੇ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਹਲਕੇ ਦੇ ਹਰੇਕ ਪਿੰਡ ਅਤੇ ਵਾਰਡ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪਾਰਟੀ ਵਲੰਟੀਅਰਾਂ ਦੀਆਂ ਟੀਮਾਂ ਪੂਰੀ ਤਰ੍ਹਾਂ ਸਰਗਰਮ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਦੁੱਖ -ਸੁੱਖ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਉਨ੍ਹਾਂ ਦੀਆਂ ਹਰੇਕ ਸਮੱਸਿਆ ਦਾ ਹੱਲ ਕੀਤਾ ਜਾਵੇਗਾ।