ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਯੁੱਧ ਜਾਰੀ-20,287 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ - ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 5 ਜੁਲਾਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ ‘ਯੁੱਧ ਨਸ਼ਿਆਂ ਵਿਰੁੱਧ’ 125 ਦਿਨ ਪੂਰੇ ਕਰ ਲਏ ਹਨ ਅਤੇ ਨਸ਼ਿਆਂ ਦੇ ਖਤਮ ਹੋਣ ਤੱਕ ਪੰਜਾਬ ਸਰਕਾਰ ਦੀ ਲੜਾਈ ਲਗਾਤਾਰ ਜਾਰੀ ਰਹੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਸੂਬਾ ਸਰਕਾਰ ਦਾ ਯੁੱਧ ਜਾਰੀ ਹੈ ਅਤੇ ਨਸ਼ੇ ਦੀ ਤਸਕਰੀ ਨਾਲ ਜੁੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ 20287 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਇਹ ਕਾਰਵਾਈ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਬਟਾਲਾ ਹਲਕੇ ਅੰਦਰ ਜਿਥੇ ਨਸ਼ਾ ਤਸਕਰਾਂ ਨੂੰ ਨੱਥ ਪਾਈ ਗਈ ਹੈ, ਓਥੇ ਨਸ਼ਾ ਪੀੜਤਾਂ ਦਾ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਵਿਖੇ ਮੁਫਤ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਹਿਲੀ ਮਾਰਚ 2025 ਤੋਂ ਲੈ ਕੇ ਹੁਣ ਤੱਕ ਨਸ਼ਾ ਤਸਕਰਾਂ ਵਿਰੁੱਧ 513 ਐਫ. ਆਈ.ਆਰ ਦਰਜ ਕੀਤੀਆਂ ਗਈਆਂ ਹਨ। 811 ਸਮਾਜ ਵਿਰੋਧੀ ਅਨਸਰ ਫੜੇ ਗਏ ਹਨ ਅਤੇ ਨਸ਼ਾ ਤਸਕਰਾਂ ਵਲੋਂ ਨਾਜਾਇਜ਼ ਉਸਾਰੀਆਂ ਵੀ ਢਾਹੀਆਂ ਗਈਆਂ ਹਨ। ਇਸ ਤੋਂ ਇਲਾਵਾ 110 ਪੰਚਾਇਤਾਂ ਨੇ ਨਸ਼ਿਆਂ ਵਿਰੁੱਧ ਮਤੇ ਵੀ ਪਾਸ ਕੀਤੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ, ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ), ਲਾਗੂ ਕੀਤੀ ਗਈ ਹੈ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸਾਰੇ ਰਲ ਕੇ ਸਮਾਜਿਕ ਬੁਰਾਈ ਨਸ਼ੇ ਨੂੰ ਖਤਮ ਕਰਨ ਲਈ ਅੱਗੇ ਆਈਏ। ਇਸ ਲਈ ਆਓ, ਸਾਰੇ ਮਿਲ ਕੇ ਆਪਣੇ ਹਲਕੇ, ਜ਼ਿਲ੍ਹੇ, ਸੂਬੇ ਅਤੇ ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜ ਸੰਕਲਪ ਕਰੀਏ।