Big Breaking: ਅਦਾਕਾਰਾ ਤਾਨੀਆ ਦੇ ਪਿਤਾ ਨੂੰ ਗੋਲੀਆਂ ਮਾਰਨ ਵਾਲੇ ਸ਼ੂਟਰ ਗ੍ਰਿਫਤਾਰ
ਮੋਗਾ, 6 ਜੁਲਾਈ 2025 - ਪੰਜਾਬ ਪੁਲਿਸ ਨੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਅਨਿਲਜੀਤ ਸਿੰਘ ਕੰਬੋਜ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਹਮਲੇ ਪਿੱਛੇ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦਾ ਹੱਥ ਸੀ। ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਇੱਕ ਅੱਤਵਾਦੀ ਨੈੱਟਵਰਕ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਦੌਰਾਨ ਪੁਲਿਸ ਅਤੇ ਮੁਲਜ਼ਮਾਂ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਤਿੰਨੋਂ ਸ਼ੂਟਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਸੰਬੰਧੀ ਪੰਜਾਬ ਦੇ DGP ਗੌਰਵ ਯਾਦਵ ਨੇ ਐਕਸ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, "ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਮੋਗਾ ਪੁਲਿਸ ਵੱਲੋਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਅਤੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਕੈਨੇਡਾ-ਅਧਾਰਤ ਗੈਂਗਸਟਰ ਲਖਵੀਰ ਸਿੰਘ ਉਰਫ ਲੰਡਾ ਹਰੀਕੇ ਦੁਆਰਾ ਰਚੀ ਗਈ ਇੱਕ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਅਤੇ ਤਿੰਨ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕਰ ਲਿਆ।
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਡਾਕਟਰ ਅਨਿਲਜੀਤ ਕੰਬੋਜ ਨੂੰ ਜਾਨੋ ਮਾਰਨ ਲਈ ਲਖਵੀਰ ਸਿੰਘ ਉਰਫ ਲੰਡਾ ਹਰੀਕੇ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਆਪ੍ਰੇਸ਼ਨ ਦੌਰਾਨ, ਪੁਲਿਸ ਅਤੇ ਮੁਲਜ਼ਮਾਂ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਮਨੁੱਖੀ ਖੁਫੀਆ ਜਾਣਕਾਰੀ ਅਤੇ ਤਕਨੀਕੀ ਜਾਣਕਾਰੀ ਨਾਲ, ਟੀਮ ਵੱਲੋਂ ਜਨਤਕ ਸੁਰੱਖਿਆ ਲਈ ਇੱਕ ਗੰਭੀਰ ਖਤਰੇ ਨੂੰ ਟਾਲਦੇ ਹੋਏ, ਇਸ ਟਾਰਗੇਟ ਕਿਲਿੰਗ ਮਾਡਿਊਲ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ ਗਿਆ ।
ਬਰਾਮਦਗੀ: 2 ਪਿਸਤੌਲ (.30 ਬੋਰ) ਸਮੇਤ 10 ਜ਼ਿੰਦਾ ਕਾਰਤੂਸ, 1 ਪਿਸਤੌਲ (.32 ਬੋਰ) ਸਮੇਤ 3 ਜ਼ਿੰਦਾ ਕਾਰਤੂਸ ਅਤੇ 1 ਕਾਰ।
ਥਾਣਾ ਫਤਿਹਗੜ੍ਹ ਪੰਜਤੂਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਮਾਡਿਊਲ ਦੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੇ ਵੇਰਵੇ:
1. ਗੁਰਲਾਲ ਸਿੰਘ ਉਰਫ ਗੋਲਾ ਵਾਸੀ ਗਾਰਡਨ ਕਲੋਨੀ ਪੱਟੀ, ਤਰਨਤਾਰਨ
2. ਖੁਸ਼ਪ੍ਰੀਤ ਸਿੰਘ ਉਰਫ਼ ਖੁਸ਼ ਵਾਸੀ ਗਾਰਡਨ ਕਲੋਨੀ ਪੱਟੀ, ਤਰਨਤਾਰਨ
3. ਗੁਰਮਨਦੀਪ ਸਿੰਘ ਉਰਫ ਫੋਜੀ ਵਾਸੀ ਤਲਵੰਡੀ ਸੋਭਾ ਸਿੰਘ, ਤਰਨਤਾਰਨ