ਹਰੀਕੇ ਵਿਖੇ ਹੜ੍ਹ ਪੀੜਤ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ 'ਤੇ ਧਰਨਾ
ਮੰਗਾਂ ਨਾ ਮੰਨਣ 'ਤੇ ਜਾਮ ਦੀ ਚਿਤਾਵਨੀ
ਬਲਜੀਤ ਸਿੰਘ
ਤਰਨ ਤਾਰਨ : ਤਰਨ ਤਾਰਨ ਜ਼ਿਲ੍ਹੇ ਦੇ ਹਰੀਕੇ ਹੈਡ ਵਰਕਸ ਨੇੜੇ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਨੈਸ਼ਨਲ ਹਾਈਵੇ 'ਤੇ ਧਰਨਾ ਲਾਇਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ 2023 ਵਿਚ ਹੜ ਕਾਰਨ ਇਲਾਕੇ ਦੇ ਕਈ ਕਿਸਾਨਾਂ ਨੂੰ ਜ਼ਮੀਨ, ਘਰ ਅਤੇ ਪਸ਼ੂਆਂ ਦਾ ਭਾਰੀ ਨੁਕਸਾਨ ਹੋਇਆ ਸੀ, ਪਰ ਸਰਕਾਰ ਵੱਲੋਂ ਨਾ ਤਾਂ ਕੋਈ ਮੁਆਵਜ਼ਾ ਦਿੱਤਾ ਗਿਆ ਅਤੇ ਨਾ ਹੀ ਕਿਸੇ ਕਿਸਾਨ ਦੀ ਮਦਦ ਕੀਤੀ ਗਈ।
ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਦੋਸ਼ ਲਾਇਆ ਕਿ ਹਰੀਕੇ ਹੈਡ ਵਰਕਸ 'ਤੇ ਸਰਕਾਰ ਵੱਲੋਂ ਫਲੱਡ ਗੇਟ ਠੀਕ ਸਮੇਂ 'ਤੇ ਨਾ ਖੋਲ੍ਹਣ ਕਾਰਨ ਹੜ ਦਾ ਖਤਰਾ ਵਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਪ੍ਰਬੰਧ ਕਰਕੇ ਪਾਣੀ ਜਮਾ ਹੋਣ ਤੋਂ ਰੋਕਣਾ ਚਾਹੀਦਾ ਸੀ, ਪਰ ਜਾਣ-ਬੁੱਝ ਕੇ ਦਰ ਬੰਦ ਰੱਖੇ ਜਾਂਦੇ ਹਨ ਅਤੇ ਇੱਕਦਮ ਖੋਲ੍ਹਣ ਨਾਲ ਕਿਸਾਨਾਂ ਦੀਆਂ ਫਸਲਾਂ ਤੇ ਘਰ ਡੁੱਬ ਜਾਂਦੇ ਹਨ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਨੈਸ਼ਨਲ ਹਾਈਵੇ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਜਾਵੇਗਾ। ਇਸ ਮੌਕੇ ਜਿਲ੍ਹਾ ਪ੍ਰਧਾਨ ਜੱਜਵਿੰਦਰ ਸਿੰਘ ਸਵਰਾ ਅਤੇ ਹੋਰ ਆਗੂ ਵੀ ਮੌਜੂਦ ਰਹੇ।