ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 400 ਦੇ ਕਰੀਬ ਨਸ਼ਾ ਤਸਕਰਾਂ ਖਿਲਾਫ਼ FIR ਦਰਜ: SSP ਸ਼ੁਭਮ ਅਗਰਵਾਲ
ਦੀਦਾਰ ਗੁਰਨਾ
- 250 ਦੇ ਕਰੀਬ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿਖੇ ਕਰਵਾਇਆ ਦਾਖਲ
- ਲੋਕਾਂ ਨੂੰ ਨਸਿ਼ਆਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਹੋਰ ਵੀ ਸਰਗਰਮ ਯੋਗਦਾਨ ਪਾਉਣ ਦਾ ਸੱਦਾ
ਫ਼ਤਹਿਗੜ੍ਹ ਸਾਹਿਬ, 8 ਜੁਲਾਈ 2025 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 400 ਦੇ ਕਰੀਬ ਨਸ਼ਾ ਤਸਕਰਾਂ ਖਿਲਾਫ਼ ਐਫ.ਆਈ.ਆਰ ਦਰਜ ਕਰਕੇ 550 ਤੋਂ ਵੱਧ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਚੁੱਕਾ ਹੈ। ਇਹ ਪ੍ਰਗਟਾਵਾ ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਬਡਾਲੀ ਆਲਾ ਸਿੰਘ ਵਿਖੇ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਪਬਲਿਕ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਦੇ ਭਰਵੇਂ ਸਹਿਯੋਗ ਸਦਕਾ ਹੀ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚੋਂ ਲੋਕ ਵਧ ਚੜ੍ਹ ਕੇ ਫੀਡਬੈਕ ਦੇ ਰਹੇ ਹਨ ਤਾਂ ਜੋ ਨਸ਼ਾ ਤਸਕਰਾਂ ਦੇ ਮੁਕੰਮਲ ਸਫਾਏ ਨੂੰ ਯਕੀਨੀ ਬਣਾਇਆ ਜਾ ਸਕੇ।
ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਲੋਕਾਂ ਦੇ ਹਾਂ ਪੱਖੀ ਹੁੰਗਾਰੇ ਸਦਕਾ ਹੀ ਹੁਣ ਤੱਕ 250 ਦੇ ਕਰੀਬ ਅਜਿਹੇ ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿਖੇ ਦਾਖਲ ਕਰਵਾਇਆ ਜਾ ਸਕਿਆ ਹੈ ਜਿਹੜੇ ਪਿਛਲੇ ਲੰਬੇ ਸਮੇਂ ਤੋਂ ਨਸਿ਼ਆਂ ਦੀ ਮਾੜੀ ਆਦਤ ਦਾ ਸਿ਼ਕਾਰ ਸਨ ਅਤੇ ਹੁਣ ਉਹ ਸਰਕਾਰ ਦੇ ਨਿਰੰਤਰ ਉਪਰਾਲਿਆਂ ਤੋਂ ਪ੍ਰੇਰਿਤ ਹੋ ਕੇ ਆਪਣਾ ਇਲਾਜ ਕਰਵਾਉਣ ਲਈ ਸਹਿਮਤ ਹੋਏ ਹਨ ਜਿਸ ਤੋਂ ਇਹ ਆਸ ਹੋਰ ਮਜ਼ਬੂਤ ਹੋਈ ਹੈ ਕਿ ਛੇਤੀ ਹੀ ਸੂਬੇ ਵਿੱਚ ਨਸਿ਼ਆਂ ਦਾ ਮੁਕੰਮਲ ਖਾਤਮਾ ਹੋ ਜਾਵੇਗਾ। ਐਸ.ਐਸ.ਪੀ ਨੇ ਕਿਹਾ ਕਿ ਹਰੇਕ ਨਾਗਰਿਕ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਨਸਿ਼ਆਂ ਵਿੱਚ ਗਲਤਾਨ ਲੋਕਾਂ ਨਾਲ ਹਮਦਰਦੀ ਭਰਿਆ ਵਤੀਰਾ ਅਪਣਾਉਣ ਤੇ ਨਸ਼ਾ ਪੀੜਤਾਂ ਨੂੰ ਰੋਗੀ ਮੰਨਦੇ ਹੋਏ ਸਹੀ ਇਲਾਜ ਕਰਵਾਉਣ ਵਿੱਚ ਯੋਗਦਾਨ ਪਾਉਣ।
ਜਿ਼ਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੁਲਿਸ ਨੇ ਪਿਛਲੇ ਦਿਨਾਂ ਦੌਰਾਨ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 5 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਹਿ ਢੇਰੀ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਪੁਲਿਸ ਲਗਾਤਾਰ ਵੱਖ ਵੱਖ ਥਾਈ ਮੀਟਿੰਗਾਂ ਕਰਕੇ ਜਨਤਾ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਲੋਕ ਖੁਲ੍ਹਦਿਲੀ ਨਾਲ ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਵਧ ਚੜ੍ਹ ਕੇ ਅੱਗੇ ਆਉਣ।
ਇਸ ਮੌਕੇ ਡੀ.ਐਸ.ਪੀ ਰਾਜ ਕੁਮਾਰ ਸ਼ਰਮਾ ਸਮੇਤ ਹੋਰ ਪੁਲਿਸ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ।