ਯੂਰੀਆ ਖਾਦ ਦੀ ਜਮ੍ਹਾਖ਼ੋਰੀ ਅਤੇ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ
ਸਮੁੱਚੇ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਕੀਤੀ
ਰੋਹਿਤ ਗੁਪਤਾ
ਗੁਰਦਾਸਪੁਰ, 9 ਜੁਲਾਈ - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਨੂੰ ਮਿਆਰੀ ਖੇਤੀ ਸਮਗਰੀ ਖ਼ਾਸ ਕਰਕੇ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਸਮੂਹ ਬਲਾਕਾਂ ਵਿਚ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਯੂਰੀਆ ਖਾਦ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਖ਼ੋਰੀ ਨੂੰ ਰੋਕਿਆ ਜਾ ਸਕੇ।
ਇਸ ਚੈਕਿੰਗ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਦੀ ਲਵਾਈ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਜੋ ਅਗਲੇ ਕੁਝ ਦਿਨਾਂ ਦੌਰਾਨ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਨਿਰਧਾਰਿਤ ਮੁੱਲ ਤੇ ਖੇਤੀ ਸਮਗਰੀ ਖ਼ਾਸ ਕਰਕੇ ਖਾਦਾਂ ਉਪਲਬਧ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸਬੰਧਿਤ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਤੋਂ ਇਲਾਵਾ ਕਾਗ਼ਜ਼ਾਤ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੁਲਾਈ 2025 ਤਕ ਕੁੱਲ 77 ਹਜ਼ਾਰ ਮੀਟਰਿਕ ਟਨ ਯੂਰੀਆ ਚਾਹੀਦੀ ਹੈ ਜਦ ਕਿ ਮਿਤੀ 7 ਜੁਲਾਈ ਤੱਕ ਜ਼ਿਲ੍ਹਾ ਗੁਰਦਾਸਪੁਰ ਵਿਚ ਤਕਰੀਬਨ 66000 ਮੀਟਰਿਕ ਟਨ ਯੂਰੀਆ ਖਾਦ ਪਹੁੰਚ ਚੁੱਕੀ ਹੈ ਅਤੇ ਕੱਲ੍ਹ 2 ਰੈਕ ਯੂਰੀਆ ਦੇ ਹੋਰ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਝੋਨੇ ਦੀ ਫ਼ਸਲ ਨੂੰ ਯੂਰੀਆ ਖਾਦ ਸਿਫ਼ਾਰਸ਼ਾਂ ਅਨੁਸਾਰ 90 ਕਿੱਲੋ ਪ੍ਰਤੀ ਏਕੜ ਹੀ ਵਰਤਣੀ ਚਾਹੀਦੀ ਹੈ ਅਤੇ ਜ਼ਰੂਰਤ ਅਨੁਸਾਰ ਹੀ ਖ਼ਰੀਦਣੀ ਚਾਹੀਦੀ ਹੈ ਤਾਂ ਜੋ ਬਾਕੀ ਕਿਸਾਨਾਂ ਨੂੰ ਯੂਰੀਆ ਦੀ ਉਪਲਬਧਤਾ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿੱਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਯੂਰੀਆ ਖਾਦ ਮਿਲ ਸਕੇ। ਉਨ੍ਹਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮਗਰੀ ਦੀ ਵਿੱਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮਗਰੀ ਹੀ ਕਿਸਾਨਾਂ ਨੂੰ ਵਿੱਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ।
ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਿਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਕਰਨ।