Punjab News: ਹਰ ਵਿਅਕਤੀ ਦਾ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ, ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ਲਾਘਾਯੋਗ ਕਦਮ- ਸੱਜਣ ਚੀਮਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 11 ਜੁਲਾਈ 2025 ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਤੇ ਅਰਜੁਨਾ ਐਵਾਰਡੀ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਸਰਦਾਰ ਸੱਜਣ ਸਿੰਘ ਚੀਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ ਨੇ ਪੰਜਾਬ ਦੀ ਵਜਾਰਤ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੇਸ਼ ਦੀ ਪਹਿਲੀ ਵਿਲੱਖਣ ਸਿਹਤ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਕੇ ਪੰਜਾਬ ਦੇ ਹਰੇਕ ਵਾਸੀ ਦਾ 10 ਲੱਖ ਰੁਪਏ ਦਾ ਡਾਕਟਰੀ ਇਲਾਜ ਮੁਫਤ( ਨਕਦੀ ਰਹਿਤ )ਕਰਵਾਉਣ ਦਾ ਜੋ ਫੈਸਲਾ ਕੀਤਾ ਹੈ , ਉਹ ਬੇਹੱਦ ਸ਼ਲਾਘਾਯੋਗ ਹੈ । ਉਨ੍ਹਾਂ ਕਿਹਾ ਕਿ ਭਾਰਤ ਵਿਚ ਪੰਜਾਬ ਹੀ ਪਹਿਲਾ ਐਸਾ ਸੂਬਾ ਬਣੇਗਾ , ਜਿੱਥੇ ਹਰੇਕ ਵਿਅਕਤੀ ਦਾ 10 ਲੱਖ ਰੁਪਏ ਦਾ ਇਲਾਜ ਕੈਸ਼ਲੈਸ ਹੋਵੇਗਾ ।
ਚੇਅਰਮੈਨ ਸੱਜਣ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦਾ ਹਰੇਕ ਨਾਗਰਿਕ ਸਿਹਤ ਸੰਭਾਲ ਸੇਵਾ ਮੁਫ਼ਤ ਹਾਸਲ ਕਰਨ ਲਈ ਯੋਗ ਹੋਵੇਗਾ, ਇਸ ਲਈ ਆਮਦਨ ਦੀ ਕੋਈ ਹੱਦ ਨਹੀਂ ਹੈ। ਪਹਿਲਾਂ ਆਮਦਨ ਹੱਦ ਦਾ ਮਾਪਦੰਡ ਹੋਣ ਕਾਰਨ ਸਿਰਫ਼ ਚੋਣਵੇਂ ਪਰਿਵਾਰਾਂ ਨੂੰ ਹੀ ਇਸ ਸਕੀਮ ਅਧੀਨ ਲਾਭ ਮਿਲਦਾ ਸੀ ਪਰ ਹੁਣ ਸਾਰੇ ਪੰਜਾਬ ਵਾਸੀਆਂ ਨੂੰ ਇਸ ਦਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਿਹਤ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਪਹਿਲਾਂ ਹਰੇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਇਸ ਹੱਦ ਨੂੰ ਹੁਣ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਪੰਜਾਬ ਨੇ ਬਾਕੀ ਦੇਸ਼ ਲਈ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਨਾਗਰਿਕਾਂ ਨੂੰ ਸਿਹਤ ਸੰਭਾਲ, ਸਿੱਖਿਆ, ਬਿਜਲੀ ਤੇ ਬੱਸ ਸਫ਼ਰ ਮੁਫ਼ਤ ਮੁਹੱਈਆ ਕਰਵਾ ਰਿਹਾ ਹੈ।
ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀਜ਼) ਰਾਹੀਂ ਜਾਰੀ ਹੋਣਗੇ। ਇਸ ਤੋਂ ਇਲਾਵਾ ਲੋਕ ਆਪਣੇ ਵੋਟਰ ਕਾਰਡ ਜਾਂ ਆਧਾਰ ਕਾਰਡ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ। ਇਸ ਸਕੀਮ ਅਧੀਨ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਹੱਈਆ ਹੋਵੇਗਾ ਅਤੇ ਪੰਜਾਬ ਦੇ ਕਿਸੇ ਵੀ ਵਾਸੀ ਨੂੰ ਹੁਣ ਵਿੱਤੀ ਤੰਗੀ ਖੁਣੋਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ।
ਇਸ ਸਮੇ ਉਨ੍ਹਾਂ ਨਾਲ ਸੀਨੀਅਰ ਆਪ ਆਗੂ ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ , ਆੜ੍ਹਤੀ ਆਗੂ ਸਤਪਾਲ ਮਦਾਨ , ਬਲਦੇਵ ਸਿੰਘ ਮੰਗਾ , ਨੰਬਰਦਾਰ ਜਤਿੰਦਰਜੀਤ ਸਿੰਘ , ਸੋਨੂੰ ਰਾਮੇ , ਜਸਕੰਵਲ ਸਿੰਘ ਤਲਵੰਡੀ , ਅਕਾਸ਼ਦੀਪ ਸਿੰਘ , ਪ੍ਰਦੀਪ ਸਿੰਘ ਥਿੰਦ ਚੇਅਰਮੈਨ , ਮੁਹੰਮਦ ਰਫੀ ਚੇਅਰਮੈਨ , ਅਨਿਲ ਧੀਰ ਪੱਪਰੂ, ਮੇਜਰ ਸਿੰਘ ਜੈਨਪੁਰ ਤੇ ਜੋਗਿੰਦਰ ਸਿੰਘ ਸ਼ਾਹਵਾਲਾ ਆਦਿ ਹੋਰ ਆਗੂ ਹਾਜਰ ਸਨ ।
- Download Babushahi App
-
-