ਸਿੱਖ ਦੌੜਾਕ ਫੌਜਾ ਸਿੰਘ ਦੇ ਅਕਾਲ ਚਲਾਣੇ ’ਤੇ SGPC ਪ੍ਰਧਾਨ ਨੇ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ, 15 ਜੁਲਾਈ 2025-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵ ਪ੍ਰਸਿੱਧ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਫੌਜਾ ਸਿੰਘ ਅੰਦਰ 114 ਸਾਲ ਦੀ ਵਡੇਰੀ ਉਮਰ ਵਿੱਚ ਵੀ ਜਜ਼ਬਾ ਅਤੇ ਹਿੰਮਤ ਕੁੱਟ ਕੁੱਟ ਕੇ ਭਰੀ ਹੋਈ ਸੀ। ਉਨ੍ਹਾਂ ਨੇ ਨਾ ਸਿਰਫ਼ ਸਿੱਖ ਕੌਮ ਦਾ ਨਾਮ ਰੌਸ਼ਨ ਕੀਤਾ, ਸਗੋਂ ਦੁਨੀਆ ਭਰ ਵਿੱਚ ਪੰਜਾਬੀਆਂ ਦੀ ਸ਼ਾਨ ਨੂੰ ਵੀ ਉਚਿਆਂ ਕੀਤਾ।
ਉਨ੍ਹਾਂ ਕਿਹਾ ਕਿ ਫੌਜਾ ਸਿੰਘ ਦਾ ਜੀਵਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਸੀ, ਜਿਸ ਨੇ ਸਾਬਤ ਕੀਤਾ ਕਿ ਕਿਸੇ ਵੀ ਉਮਰ ਵਿਚ ਜਜ਼ਬੇ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਫੌਜਾ ਸਿੰਘ ਦੀਆਂ ਸੇਵਾਵਾਂ ਅਤੇ ਉਨ੍ਹਾਂ ਦਾ ਅਡੋਲ ਜਜ਼ਬਾ ਨੌਜਵਾਨਾਂ ਲਈ ਸਦਾ ਪ੍ਰੇਰਨਾਦਾਇਕ ਰਹੇਗਾ। ਉਨ੍ਹਾਂ ਫੌਜਾ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਫੌਜਾ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਸਾਡੇ ਦਿਲਾਂ ਵਿੱਚ ਸਦਾ ਜੀਉਂਦੀ ਰਹੇਗੀ।