ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ 13000 ਪਿੰਡਾਂ 'ਚ ਬਣਾਏ ਜਾਣਗੇ ਮੌਡਰਨ ਸਟੇਡੀਅਮ
ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ - ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 16 ਜੁਲਾਈ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਲਦੀ ਹੀ ਸੂਬੇ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਪੰਜਾਬ ਸਰਕਾਰ ਦੇ ਇਹ ਉਪਰਾਲੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨਗੇ ਅਤੇ ਨੌਜਵਾਨ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣਗੇ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ `ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ `ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਇਨ੍ਹਾਂ ਨਵੀਆਂ ਸਹੂਲਤਾਂ ਵਿੱਚ ਉਭਰਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਕੋਚ ਵਜੋਂ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਸਬੰਧੀ ਆਪਣੇ ਯਤਨਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਸੂਬੇ `ਚ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਰੋਜ਼ਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਨਸ਼ੇ ਦਾ ਕਾਰੋਬਾਰ ਬਿਨਾਂ ਕਿਸੇ ਰੋਕ-ਟੋਕ ਦੇ ਇੰਨੀ ਵੱਡੀ ਪੱਧਰ `ਤੇ ਫੈਲ ਗਿਆ ਅਤੇ ਪੰਜਾਬ ਦੇ ਕਈ ਨੌਜਵਾਨ ਨਸ਼ੇ ਦੇ ਆਦੀ ਹੋ ਗਏ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸਦਕਾ ਸੂਬੇ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ।
ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਨਸ਼ੇ ਦੇ ਆਦੀ ਜ਼ਿਆਦਾਤਰ ਨੌਜਵਾਨ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣਾ ਹੈ।