ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਸਰਕਾਰ ਤੋਂ ਰੁਕੀਆਂ ਹੋਈਆਂ ਤਨਖਾਹਾਂ ਜਾਰੀ ਕਰਨ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ,16 ਜੁਲਾਈ2025: ਸੁਪਰੀਮ ਕੋਰਟ ਵੱਲੋਂ ਸਰਕਾਰੀ ਕਾਲਜਾਂ ਦੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਨੂੰ ਰੱਦ ਕਰਨ ਤੋਂ ਬਾਅਦ ਹੁਣ ਸਰਕਾਰੀ ਕਾਲਜਾਂ ’ਚ ਮਨਜੂਰਸ਼ੁਦਾ ਅਸਾਮੀਆਂ ਤੇ ਪਿਛਲੇ ਲੰਮੇਂ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੀਆਂ ਰੁਕੀਆਂ ਹੋਈਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਆਗੂਆਂ ਦਾ ਕਹਿਣਾ ਹੈ ਕਿ ਬਹੁਤ ਹੀ ਘੱਟ ਤਨਖਾਹਾਂ ਤੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਹਨਾਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣਾ ਸੁਨਿਹਰਾ ਸਮਾਂ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਲੇਖੇ ਲਾਇਆ ਹੈ ।
ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਕਾਲਜ ਲੰਬੇ ਸਮੇਂ ਤੋਂ ਖਾਲੀ ਹੋਣ ਦੀ ਜੋ ਗੱਲ ਕਹੀ ਜਾ ਰਹੀ ਹੈ, ਉਹ ਬਿਲਕੁਲ ਗਲਤ ਤੇ ਬੇਅਰਥ ਹੈ। ਉਹਨਾਂ ਕਿਹਾ ਕਿ ਇਹਨਾਂ ਪੱਕੀਆਂ ਅਸਾਮੀਆਂ ਤੇ ਗੈਸਟਫੈਕਲਟੀ ਸਹਾਇਕਪ੍ਰੋਫੈਸਰ ਬਹੁਤ ਹੀ ਨਿਗੁਣੀਆਂਤਨਖਾਹਾਂ ਤੇ ਆਪਣੀਆਂ ਹਰ ਪ੍ਰਕਾਰ ਦੀਆਂ ਸੇਵਾਵਾਂ ਇੱਕ ਰੈਗੂਲਰ ਪ੍ਰੋਫੈਸਰ ਵਾਂਗ ਹੀ ਨਿਭਾ ਰਹੇ ਹਨ । ਉਹਨਾਂ ਕਿਹਾ ਕਿ ਸਾਨੂੰ ਨਾਮ ਦਾ ਹੀ ਗੈਸਟਫੈਕਲਟੀ ਕਿਹਾ ਜਾ ਰਿਹਾ ਹੈ ਪਰ ਸਾਡੇ ਕੰਮ ਰੈਗੂਲਰ ਪ੍ਰੋਫੈਸਰਾਂ ਵਾਲੇ ਹੀ ਹਨ। ਉਹਨਾਂ ਮੁੱਖ ਮੰਤਰੀ ਪੰਜਾਬ ਨੂੰ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਤਕਰੀਬਨ 7-8 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਤੋਂ ਇਲਾਵਾ ਨਵੇਂ ਗਰੇਡ ਪੇਅ ਅਤੇ ਹੋਰ ਸਹੂਲਤਾਂ ਦੇਣ ਦੀ ਅਪੀਲ ਕੀਤੀ ਹੈ।