ਗੁਰਦਾਸਪੁਰ ਪੁਲਿਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਗ੍ਰਿਫ਼ਤਾਰ
ਰੋਹਿਤ ਗੁਪਤਾ
ਗੁਰਦਾਸਪੁਰ, 17 ਜੁਲਾਈ 2025 - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਐਲਾਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਥਾਣਾ ਤਿੱਬੜ ਦੀ ਪੁਲਿਸ ਵੱਲੋਂ ਸਾਜਨ ਨਾਮ ਦੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 08 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਬਾ-ਜੁਰਮ 21(ਬੀ)-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਤਿੱਬੜ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ।
ਇਸੇ ਤਰ੍ਹਾਂ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਗੌਰਵ ਨਾਮ ਦੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 100 ਗਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਉਸ ਦੇ ਖ਼ਿਲਾਫ਼ ਮੁਕੱਦਮਾ ਬਾ-ਜੁਰਮ 21-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਸਿਟੀ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ। ਥਾਣਾ ਦੀਨਾਨਗਰ ਵਿਖੇ ਰਘੂ ਨਾਮ ਦੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 34 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਸ 'ਤੇ ਉਸ ਖ਼ਿਲਾਫ਼ ਮੁਕੱਦਮਾ ਬਾ-ਜੁਰਮ 22-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਦੀਨਾਨਗਰ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਸ੍ਰੀ ਆਦਿੱਤਯ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਵੱਲੋਂ ਗੈਰ-ਕਾਨੂੰਨੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖ਼ਿਲਾਫ਼ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਪੂਰੀ ਤਰ੍ਹਾਂ ਵਚਨਬੱਧ ਹੈ।