ਨਸ਼ੇ ਤੋਂ ਪੀੜਿਤ ਲੋਕਾਂ ਦਾ ਸਰਕਾਰ ਵੱਲੋਂ ਮੁਫਤ ਇਲਾਜ
‘ਨਸ਼ਾ ਮੁਕਤੀ ਯਾਤਰਾ’ ਤਹਿਤ ਪਿੰਡ ਮਨਹੋਰਪੁਰ ਵਿਖੇ ਸਮਾਗਮ
ਰੋਹਿਤ ਗੁਪਤਾ
ਬਟਾਲਾ, 18 ਜੁਲਾਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ । ਬਟਾਲਾ ਹਲਕੇ ਦੇ ਪਿੰਡ ਮਨਹੋਰਪੁਰ ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਐਸ.ਐਚ.ਓ ਹਰਜਿੰਦਰ ਸਿੰਘ, ਮਾਸਟਰ ਤਿਲਕ ਰਾਜ, ਵਾਇਸ ਕੁਆਰਡੀਨੇਟਰ ਮਨਜੀਤ ਸਿੰਘ ਬਮਰਾਹ, ਭੁਪਿੰਦਰ ਸਿੰਘ, ਵੀਨੂੰ ਕਾਹਲੋਂ, ਅਮਿਤ ਸੋਢੀ, ਸੰਧੂ ਭੱਟੀ ਅਤੇ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਨੂੰ ਖਤਮ ਕਰਨ ਦੀ ਸਹੁੰ ਵੀ ਚੁਕਾਈ ਗਈ।
ਇਸ ਮੌਕੇ ਬੋਲਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਿਥੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉਸਦੇ ਨਾਲ-ਨਾਲ ਨਸ਼ਾ ਪੀੜਤਾਂ ਦਾ ਮੁਫਤ ਇਲਾਜ ਕਰਵਾਉਣ ਲਈ ਲੋਕਾਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸੇ ਦਾ ਹੀ ਨਤੀਜਾ ਹੈ ਕਿ ਹੁਣ ਸਪਲਾਈ ਲਾਈਨ ਟੁੱਟ ਚੁੱਕੀ ਹੈ, ਜਿਸ ਕਾਰਨ ਨਸ਼ੇ ਤੋਂ ਪੀੜਿਤ ਲੋਕ ਇਲਾਜ ਲਈ ਅੱਗੇ ਆ ਰਹੇ ਹਨ। ਉਹਨਾਂ ਨੇ ਕਿਹਾ ਕਿ ਨਸ਼ੇ ਤੋਂ ਪੀੜਿਤ ਲੋਕਾਂ ਦਾ ਸਰਕਾਰ ਵੱਲੋਂ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ।
ਉਨਾਂ ਨੇ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿਓ ਅਤੇ ਜੇਕਰ ਕੋਈ ਨਸ਼ੇ ਕਰਦਾ ਹੈ ਤਾਂ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਾਵੇ।