ਬਾਲ ਵਿਆਹ ਇੱਕ ਸਜ਼ਾਯੋਗ ਅਪਰਾਧ , ਜਾਗਰੂਕਤਾ ਮੁਹਿੰਮ ਦੇ ਤਹਿਤ ਸੈਮੀਨਾਰ
ਜੇਕਰ ਕਿਸੇ ਵੀ ਬਾਲ ਵਿਆਹ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪ ਲਾਈਨ 1098 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਜਾਵੇ
ਰੋਹਿਤ ਗੁਪਤਾ
ਬਟਾਲਾ, 21 ਜੁਲਾਈ ਬਾਲ ਵਿਆਹ ਰੋਕਥਾਮ-ਮੁਕਤ ਭਾਰਤ ਜਾਗਰੂਕਤਾ’ ਮੁਹਿੰਮ ਦੇ ਤਹਿਤ, ਸਾਂਝ ਕੇਂਦਰ ਘਣੀਏ ਕੇ ਬਾਂਗਰ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ। ਸਮਾਗਮ ਦੌਰਾਨ ਹਾਜ਼ਰੀਨ ਨੂੰ ਬਾਲ ਵਿਆਹ ਦੇ ਮੁੱਦੇ ਬਾਰੇ ਜਾਣੂ ਕਰਵਾਇਆ ਗਿਆ ਅਤੇ ਜਾਗਰੂਕ ਕੀਤਾ ਗਿਆ ਕਿ ਭਾਰਤ ਸਰਕਾਰ ਦੇ ਕਾਨੂੰਨਾਂ ਅਨੁਸਾਰ ਬਾਲ ਵਿਆਹ ਇੱਕ ਸਜ਼ਾਯੋਗ ਅਪਰਾਧ ਹੈ।
ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, ਐਸ.ਪੀ (ਐੱਚ) ਨੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰੇਦਸ਼ਾਂ ਹੇਠ ਬਾਲ ਵਿਆਹ ਰੋਕਥਾਮ-ਮੁਕਤ ਭਾਰਤ ਜਾਗਰੂਕਤਾ ਮੁਹਿੰਮ ਦੇ ਤਹਿਤ ਸੈਮੀਨਾਰ ਕਰਵਾਇਆ ਗਿਆ ਸੀ। ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਬਾਲ ਵਿਆਹ ਰੋਕੂ ਐਕਟ 2006 ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਲੜਕੇ ਦਾ ਵਿਆਹ ਸਜ਼ਾਯੋਗ ਅਪਰਾਧ ਹੈ।
ਇਸ ਮੌਕੇ ਹਾਜ਼ਰੀਨ ਨੂੰ ਚਾਈਲਡ ਹੈਲਪਲਾਈਨ ਨੰਬਰ 1098 , ਡਰੱਗ ਹੈਲਪਲਾਈਨ ਨੰਬਰ 97791-00200 ਅਤੇ ਹੈਲਪਲਾਈਨ ਨੰਬਰ 112 ਬਾਰੇ ਵੀ ਜਾਗਰੂਕ ਕੀਤਾ ਗਿਆ। ਬਾਲ ਵਿਆਹਾਂ ਦੇ ਮਾਮਲਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨਤਕ ਸਹਿਯੋਗ ਦੀ ਅਪੀਲ ਕੀਤੀ। ਸੈਮੀਨਾਰ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕ ਰਹਿਣ ਅਤੇ ਆਪਣੇ ਆਸ-ਪਾਸ ਜੇਕਰ ਕਿਸੇ ਵੀ ਬਾਲ ਵਿਆਹ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪ ਲਾਈਨ 1098 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ। ਉਨ੍ਹਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ, ਪੰਜਾਬ ਨੂੰ ਬਾਲ ਵਿਆਹ ਮੁਕਤ ਰਾਜ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਬਾਲ ਵਿਆਹਾਂ ਦੀਆਂ ਘਟਨਾਵਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਨਿਰੰਤਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਇਕ ਪ੍ਰਗਤੀਸ਼ੀਲ ਅਤੇ ਬੱਚਿਆਂ ਲਈ ਸੁਖਮਈ ਭਵਿੱਖ ਵਾਲਾ ਰਾਜ ਬਣਾਇਆ ਜਾਵੇਗਾ।