ਗੁਰਦਾਸਪੁਰ ਗੋਲੀ ਕਾਂਡ ਦਾ ਦੋਸ਼ੀ ਫੜ੍ਹੇ ਜਾਣ `ਤੇ ਚੇਅਰਮੈਨ ਰਮਨ ਬਹਿਲ ਨੇ ਪੁਲਿਸ ਵਿਭਾਗ ਦੀ ਸ਼ਲਾਘਾ ਕੀਤੀ
ਪੰਜਾਬ ਸਰਕਾਰ ਸੂਬੇ ਵਿੱਚ ਆਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ - ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 22 ਜੁਲਾਈ 2025- ਬੀਤੀ 17 ਜੁਲਾਈ ਨੂੰ ਗੁਰਦਾਸਪੁਰ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਪੰਜਾਬ ਵਾਚ ਹਾਊਸ ਨਾਮਕ ਸ਼ੋਰੂਮ `ਤੇ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀਆਂ ਵਿੱਚੋਂ ਇੱਕ ਦੋਸ਼ੀ ਨੂੰ ਗੁਰਦਾਸਪੁਰ ਪੁਲਿਸ ਵੱਲੋਂ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੁਰਦਾਸਪੁਰ ਪੁਲਿਸ ਵੱਲੋਂ ਕੀਤੀ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਗੋਲੀ ਕਾਂਡ ਦੇ ਦੋਸ਼ੀ ਨੂੰ ਫੜ੍ਹਨ ਵਿੱਚ ਜੋ ਬਹਾਦਰੀ ਤੇ ਪੇਸ਼ੇਵਰਾਨਾ ਪਹੁੰਚ ਗੁਰਦਾਸਪੁਰ ਪੁਲਿਸ ਵੱਲੋਂ ਦਿਖਾਈ ਗਈ ਹੈ ਉਸ ਦੀ ਤਰੀਫ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਅੱਜ ਸਵੇਰੇ ਜਦੋਂ ਪੁਲਿਸ ਦੋਸ਼ੀ ਨੂੰ ਫੜ੍ਹਨ ਲਈ ਉਸਦਾ ਪਿੱਛਾ ਕਰ ਰਹੀ ਸੀ ਤਾਂ ਉਸ ਦੋਸ਼ੀ ਵੱਲੋਂ ਪੁਲਿਸ ਉੱਪਰ ਵੀ ਫਾਇਰਿੰਗ ਕੀਤੀ ਗਈ ਜਿਸ `ਤੇ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਉਹ ਦੋਸ਼ੀ ਜ਼ਖਮੀ ਹੋ ਗਿਆ ਅਤੇ ਪੁਲਿਸ ਵੱਲੋਂ ਉਸਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਗੋਲੀ ਕਾਂਡ ਦੇ ਦੂਸਰੇ ਦੋਸ਼ੀ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਕਾਰਵਾਈ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਡੀ.ਆਈ.ਜੀ. ਬਾਰਡਰ ਰੇਂਜ ਸ. ਨਾਨਕ ਸਿੰਘ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ ਦਾ ਧੰਨਵਾਦ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੁਲਿਸ ਦੀ ਇਸ ਕਾਰਵਾਈ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਇਹ ਸਖ਼ਤ ਸੁਨੇਹਾ ਮਿਲੇਗਾ ਕਿ ਕ੍ਰਾਈਮ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਆਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸ਼ਾਂਤੀ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 17 ਜੁਲਾਈ ਨੂੰ ਜਦੋਂ ਦੋਸ਼ੀਆਂ ਵੱਲੋਂ ਬਜ਼ਾਰ ਦੀ ਇੱਕ ਦੁਕਾਨ ਉੱਪਰ ਗੋਲੀਆਂ ਚਲਾਈਆਂ ਗਈਆਂ ਸਨ ਤਾਂ ਉਨ੍ਹਾਂ ਨੇ ਉਸੇ ਵਕਤ ਪੁਲਿਸ ਅਧਿਕਾਰੀਆਂ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਲਈ ਕਿਹਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵਪਾਰ ਮੰਡਲ ਗੁਰਦਾਸਪੁਰ ਅਤੇ ਸਮੂਹ ਦੁਕਾਨਦਾਰਾਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਨਾਲ ਮੁਲਾਕਾਤ ਕੀਤੀ ਸੀ ਅਤੇ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਸੁਰੱਖਿਆ ਸਬੰਧੀ ਚਿੰਤਾਵਾਂ ਤੋਂ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਉਸ ਦਿਨ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਗੋਲੀ ਕਾਂਡ ਦੇ ਦੋਸ਼ੀ ਜਲਦੀ ਹੀ ਫੜ ਲਏ ਜਾਣਗੇ। ਪੁਲਿਸ ਉਸ ਦਿਨ ਤੋਂ ਹੀ ਦੋਸ਼ੀਆਂ ਦੀ ਭਾਲ ਕਰ ਰਹੀ ਸੀ ਅਤੇ ਅੱਜ ਸਵੇਰੇ ਗੁਰਦਾਸਪੁਰ ਪੁਲਿਸ ਵੱਲੋਂ ਉਸ ਘਟਨਾ ਦਾ ਮੁੱਖ ਦੋਸ਼ੀ ਫੜ੍ਹ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਬਹੁਤ ਜਲਦ ਦੂਸਰਾ ਦੋਸ਼ੀ ਵੀ ਪੁਲਿਸ ਦੀ ਹਿਰਾਸਤ ਵਿੱਚ ਹੋਵੇਗਾ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।