ਬਾਲ ਮਜ਼ਦੂਰੀ ਤੇ ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਹੋਈ
- ਬਾਲ ਭਿੱਖਿਆ ਮੰਗਣ ਵਾਲੇ ਬੱਚਿਆਂ ਦੇ ਡੀ.ਐੱਨ.ਏ. ਟੈੱਸਟ ਕੀਤੇ ਜਾਣਗੇ - ਡਿਪਟੀ ਕਮਿਸ਼ਨਰ
ਰੋਹਿਤ ਗੁਪਤਾ
ਗੁਰਦਾਸਪੁਰ, 22 ਜੁਲਾਈ 2025 - ਪੰਜਾਬ ਸਰਕਾਰ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੀਤ-2 ਤਹਿਤ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਸ. ਹਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਜਸਮੀਤ ਕੌਰ ਤੇ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਲ ਮਜ਼ਦੂਰੀ, ਬਾਲ ਭਿੱਖਿਆ ਅਤੇ ਭੀਖ ਮੰਗਦੇ ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੀਤ-2 ਨੂੰ ਪੂਰੇ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਚੌਂਕਾਂ ਵਿੱਚ ਬਾਲ ਭਿੱਖਿਆ ਨੂੰ ਰੋਕਣ ਲਈ ਵਿਸ਼ੇਸ਼ ਤੌਰ `ਤੇ ਛਾਪੇਮਾਰੀ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਜੋ ਭੀਖ ਮੰਗਦੇ ਬੱਚੇ ਫੜੇ ਗਏ ਹਨ ਜਾਂ ਫੜੇ ਜਾਣਗੇ, ਉਨ੍ਹਾਂ ਦੇ ਮਾਤਾ ਪਿਤਾ ਨੂੰ ਸੂਚਿਤ ਕਰਕੇ ਉਨ੍ਹਾਂ ਦੇ ਆਉਣ `ਤੇ ਬੱਚਿਆਂ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾਵੇਗਾ। ਜਦੋਂ ਤੱਕ ਬੱਚਿਆਂ ਦੇ ਮਾਪੇ ਨਹੀਂ ਆਉਂਦੇ, ਉਦੋਂ ਤੱਕ ਇਨ੍ਹਾਂ ਬੱਚਿਆਂ ਨੂੰ ਸ਼ੈਲਟਰ ਹੋਮ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭੀਖ ਮੰਗਦੇ ਫੜੇ ਗਏ ਬੱਚਿਆਂ ਦੇ ਡੀ.ਐੱਨ.ਏ. ਟੈੱਸਟ ਕੀਤੇ ਜਾਣਗੇ ਤਾਂ ਜੋ ਬੱਚਿਆਂ ਦੇ ਪਰਿਵਾਰਕ ਸਬੰਧਾਂ ਦੀ ਪੁਸ਼ਟੀ ਕੀਤੀ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚੋਂ ਬਾਲ ਮਜ਼ਦੂਰੀ ਤੇ ਬਾਲ ਭਿੱਖਿਆ ਨੂੰ ਰੋਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ।