ਪੰਜਾਬ 'ਚ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਤੋਹਫ਼ਾ
ਪ੍ਰਸ਼ਾਸ਼ਨ ਵੱਲੋਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਇਲੈਕਟ੍ਰੀਸ਼ੀਅਨ ਦੀ 3 ਮਹੀਨਿਆਂ ਦੀ ਟ੍ਰੇਨਿੰਗ ਮੁਕੰਮਲ
ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਨਸ਼ਾ ਛੁਡਾਊ ਕੇਂਦਰ ਵਿੱਚ ਸਰਟੀਫਿਕੇਟ ਵੰਡਣ ਮਗਰੋਂ ਦਿੱਤੀ ਨੌਜਵਾਨਾਂ ਨੂੰ ਹੱਲਾਸ਼ੇਰੀ
ਮੋਗਾ, 24 ਜੁਲਾਈ 2025- ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਉੱਪਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਨਸ਼ਾ ਛੱਡ ਰਹੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਯਤਨ ਜੰਗੀ ਪੱਧਰ ਤੇ ਜਾਰੀ ਹਨ। ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਨਵੀਂ ਜਿੰਦਗੀ ਦੇ ਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਯੋਗਦਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਇਸ ਖੇਤਰ ਵਿੱਚ ਲਗਾਤਾਰ ਉਪਰਾਲੇ ਕਰ ਰਿਹਾ ਹੈ।
ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਜਨੇਰ ਵਿਖੇ 56 ਸਿਖਿਆਰਥੀਆਂ ਨੂੰ ਇਲੈਕਟ੍ਰੀਸ਼ੀਨ ਟ੍ਰੇਨਿੰਗ ਕੋਰਸ ਮੁਫਤ ਕਰਵਾਇਆ ਗਿਆ। ਅੱਜ ਤਿੰਨ ਮਹੀਨਿਆਂ ਦੇ ਪੂਰੇ ਹੋਏ ਇਸ ਕੋਰਸ ਤੋਂ ਬਾਅਦ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ। ਉਹ ਅੱਜ ਵਿਸ਼ੇਸ਼ ਤੌਰ ਤੇ ਨਸ਼ਾ ਛੁਡਾਊ ਕੇਂਦਰ ਵਿਖੇ ਨਸ਼ਾ ਛੱਡ ਰਹੇ ਨੌਜਵਾਨਾਂ ਕੋਲ ਪਹੁੰਚੇ। ਉਹਨਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਛੱਡ ਰਹੇ ਨੌਜਵਾਨਾਂ ਦੀ ਜਿੰਦਗੀ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ ਹੈ। ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਉਹਨਾਂ ਨੂੰ ਇਹ ਮੁਫਤ ਕੋਰਸ ਦਾ ਲਾਹਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਬੱਚਿਆ ਨੂੰ ਜਲਦੀ ਇਲੈਕਟ੍ਰੀਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਹੜੀਆਂ ਕਿ ਉਹਨਾਂ ਦੇ ਸਵੈ ਰੋਜਗਾਰ ਵਿੱਚ ਮੱਦਦ ਕਰਨਗੀਆਂ।
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਯੋਗ ਉਮੀਦਵਾਰਾਂ ਦੀ ਨੌਕਰੀ ਲਈ ਵੀ ਯਤਨ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਜਨੇਰ ਵਿੱਚ ਹਫਤਾ ਪਹਿਲਾਂ ਆਰਸੇਟੀ ਜਰੀਏ 35 ਨੌਜਵਾਨਾਂ ਦੇ ਬੈਚ ਨੂੰ ਫਾਸਟਫੂਡ ਟ੍ਰੇਨਿੰਗ ਦੀ ਸ਼ੁਰੂਆਤ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਭਵਿੱਖ ਵਿੱਚ ਵੀ ਇਹ ਟ੍ਰੇਨਿੰਗਾਂ ਦਿੱਤੀਆਂ ਜਾਣਗੀਆਂ ਤਾਂ ਕਿ ਉਹਨਾਂ ਦੇ ਮੁੜ ਵਸੇਬੇ ਦਾ ਪੂਰਨ ਪ੍ਰਬੰਧ ਹੋ ਸਕੇ। ਡਿਪਟੀ ਕਮਿਸ਼ਨਰ ਇਸ ਮੌਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਪੈਸ਼ਲ ਮਿਲੇ ਅਤੇ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਡਿੰਪਲ ਥਾਪਰ, ਆਰਸੇਟੀ ਤੋਂ ਗੌਰਵ, ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਮੈਨੇਜਰ ਮਨਪ੍ਰੀਤ ਕੌਰ ਤੇ ਪੁਸ਼ਰਾਜ ਝਾਜਰਾ, ਐਸ.ਡੀ.ਓ. ਪੰਚਾਇਤੀ ਰਾਜ ਰੋਹਿਤ ਸਿੰਗਲਾ, ਦਰਸ਼ਨ ਸਿੰਘ ਟ੍ਰੇਨਰ, ਰੈੱਡ ਕਰਾਸ ਸੈਂਟਰ ਜਨੇਰ ਦੇ ਡਾਇਰੈਕਟਰ ਹਰਪ੍ਰੀਤ ਅਤੇ ਇੰਚਾਰਜ ਵੀਰਪਾਲ ਕੌਰ ਹਾਜਰ ਸਨ।