ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਹੋਰ ਚੈਪਟਰ ਜੋੜਿਆ
ਵਾਰਡ ਨੰਬਰ 31 ਵਿੱਚ ਕਰੀਬ 92 ਲੱਖ ਰੁਪਏ ਦੀ ਲਾਗਤ ਨਾਲ 'ਦ ਪਾਈਨ ਸਕੂਲ' ਵਾਲੀ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ
ਰੋਹਿਤ ਗੁਪਤਾ
ਬਟਾਲਾ, 24 ਜੁਲਾਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਹੋਰ ਚੈਪਟਰ ਜੋੜਦਿਆਂ ਵਾਰਡ ਨੰਬਰ 31 ਵਿੱਚ ਕਰੀਬ 92 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਤਹਿਤ 'ਦ ਪਾਈਨ ਸਕੂਲ' ਵਾਲੀ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਰਜਿੰਦਰ ਜੰਬਾ, ਪੁਨੀਤ ਮਹਾਜਨ ਦ ਪਾਈਨ ਸਕੂਲ ਵਾਲੇ, ਹਨੀ ਚੌਹਾਨ ਸਮੇਤ ਵਾਰਡ ਵਾਸੀ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਵਾਰਡ ਵਿੱਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਕਰਵਾਏ ਜਾਣਗੇ ਅਤੇ ਅੱਜ ਸਕੂਲ ਵਿੱਚ ਆਉਣ ਵਾਲੇ ਬੱਚਿਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਅਤੇ ਉਹ ਸ਼ਹਿਰ ਵਾਸੀਆਂ ਦੀਆਂ ਮੁਸਕਿਲਾਂ ਹੱਲ ਕਰਨ ਲਈ ਵਚਨਬੱਧ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਰਕੇ ਬਟਾਲਾ ਸ਼ਹਿਰ ਦੀਆਂ ਮੁਸਕਿਲਾਂ ਹੱਲ ਨਹੀਂ ਕੀਤੀਆਂ ਗਈਆਂ, ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਲੋਕਾਂ ਦੀਆਂ ਸਾਲਾਂ ਤੋਂ ਲਮਕੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਗਲੀਆਂ ਨਾ ਬਣਨ ਕਰਕੇ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਖਾਸਕਰਕੇ ਸਕੂਲ ਆਉਣ ਵਾਲੇ ਬੱਚਿਆਂ ਨੂੰ ਬਹੁਤ ਮੁਸ਼ਕਲ ਆਉਂਦੀ ਸੀ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।