ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਰੋਹਿਤ ਗੁਪਤਾ
ਬਟਾਲਾ, 25 ਜੁਲਾਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਬਟਾਲਾ ਕਲੱਬ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾ, ਬੀ.ਡੀ.ਪੀ.ਓ ਬਟਾਲਾ ਬਲਜੀਤ ਸਿੰਘ, ਸਹਿਕਾਰਤਾ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਮਲਕੀਤ ਸਿੰਘ ਵੈਰੋਨੰਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਸਰਪੰਚ ਹਾਜ਼ਰ ਸਨ।
ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਵਿਕਾਸ ਦੀ ਕਰਵਾਏ ਜਾ ਰਹੇ ਵੱਖ-ਵੱਖ ਕੰਮਾਂ, ਲਿੰਕ ਸੜਕਾਂ ਦਾ ਨਿਰਮਾਣ ਤੇ ਮੁਰੰਮਤ, ਸੈਨੀਟੇਸ਼ਨ ਤੇ ਜਲ ਸਪਲਾਈ ਵਿਭਾਗ ਦੀਆਂ ਸਕੀਮਾਂ ਅਤੇ ਮਗਨਰੇਗਾ ਆਦਿ ਅਧੀਨ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ।
ਮੀਟਿੰਗ ਦੌਰਾਨ ਉਨਾਂ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਵਿਕਾਸ ਕਾਰਜਾਂ ਲਈ ਸਰਕਾਰ ਵਲੋਂ ਜਾਰੀ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਮੀਟਿੰਗ ਦਾ ਮਨੋਰਥ ਵੱਖ-ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾ ਕੇ ਚੱਲ ਰਹੇ ਅਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਵਿੱਚ ਤੇਜ਼ੀ ਲਿਆਉਣਾ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਸਬੰਧੀ ਸਰਪੰਚਾਂ-ਪੰਚਾਂ ਨੂੰ ਦੱਸਣ ਤਾਂ ਜੋ ਪਿੰਡਾਂ ਅੰਦਰ ਲੋਕਹਿੱਤ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਤੇ ਹੁਣ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਕੰਮ ਮਿੱਥੇ ਸਮੇਂ ਤੋਂ ਲੇਟ ਨਾ ਹੋਵੇ।