ਕੰਪਿਊਟਰ ਅਧਿਆਪਕਾਂ ਸੰਘਰਸ਼ ਕਮੇਟੀ ਵੱਲੋਂ ਸੰਗਰੂਰ ਵਿਖੇ ਹੱਕ ਬਚਾਓ ਰੈਲੀ ਕਰਨ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 28 ਜੁਲਾਈ 2025: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 20 ਸਾਲਾਂ ਤੋਂ ਸੇਵਾ ਨਿਭਾ ਰਹੇ 6640 ਕੰਪਿਊਟਰ ਅਧਿਆਪਕਾਂ ਨੇ ਆਉਣ ਵਾਲੀ ਤਿੰਨ ਅਗਸਤ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਹੱਕ ਬਚਾਓ ਰੈਲੀ ਕਰਨ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।
ਅੱਜ ਜਿਲ੍ਹਾ ਬਠਿੰਡਾ ਦੇ ਆਗੂਆਂ ਗੁਰਬਖ਼ਸ਼ ਲਾਲ,ਜੋਨੀ ਸਿੰਗਲਾ, ਸੁਮਿਤ ਗੋਇਲ, ਸੈਫੀ ਗੋਇਲ ਨੇ ਇਕ ਮੀਟਿੰਗ ਤੋਂ ਬਾਅਦ ਰੋਸ ਜਤਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਉਨਾਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਉਹਨਾਂ ਦੀ ਮੰਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇ ਕਮਿਸ਼ਨ ਅਤੇ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਦਿੰਦੇ ਹੋਏ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ।
ਕੰਪਿਊਟਰ ਅਧਿਆਪਕਾ ਨੇ ਇਹ ਵੀ ਦੱਸਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਹੜੇ ਆਮ ਆਦਮੀ ਪਾਰਟੀ ਦੇ ਆਗੂ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾ ਰਹੇ ਸਨ ਅੱਜ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਸੁਣ ਕੇ ਅਣਗੌਲਿਆ ਕਰ ਰਹੇ ਹਨ।
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਉਨਾਂ ਤੇ ਛੇਵਾ ਪੇਅ ਕਮਿਸ਼ਨ ਅਤੇ ਪੰਜਾਬ ਸਿਵਲ ਸਰਵਿਸਜ ਨਿਯਮ ਪੂਰੀ ਤਰਾਂ ਲਾਗੂ ਨਹੀਂ ਕੀਤੇ ਗਏ ਅਤੇ ਡੈਥ ਕੇਸਾਂ ਸਬੰਧੀ ਕੋਈ ਯੋਗ ਪਾਲਿਸੀ ਨਹੀਂ ਬਣਾਈ ਗਈ ਤਾਂ ਉਹ ਆਉਣ ਵਾਲੀ 3 ਅਗਸਤ ਨੂੰ ਸੀਐਮ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨਗੇ।