ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 28 ਜੁਲਾਈ 2025 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਬਣਾਉਣ ਲਈ ਸੂਬਾ ਵਾਸੀਆਂ ਨੂੰ ਸਰਕਾਰ ਨਾਲ ਡਟ ਕੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਯਤਨ ਸਾਡੇ ਸਾਰਿਆਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਅੱਜ ਇੱਥੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜੀ ਹੈ ਅਤੇ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਜੰਗ ਨੇ ਰਵਾਇਤੀ ਪਾਰਟੀਆਂ ਦੇ ਦੋਗਲੇ ਚਿਹਰੇ ਨੂੰ ਵੀ ਨੰਗਾ ਕੀਤਾ ਹੈ ਜੋ ਸੂਬੇ ਨੂੰ ਲੁੱਟਣ ਅਤੇ ਨਸ਼ਿਆਂ ਰਾਹੀਂ ਨੌਜਵਾਨਾਂ ਦੀ ਨਸਲਕੁਸ਼ੀ ਲਈ ਆਪਸ ਵਿੱਚ ਮਿਲੀਆਂ ਹੋਈਆਂ ਅਤੇ ਬਰਾਬਰ ਦੀਆਂ ਜ਼ਿੰਮੇਵਾਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਇਹ ਜੰਗ ਤਾਂ ਹੀ ਸਫਲ ਹੋ ਸਕਦੀ ਹੈ ਜੇਕਰ ਸੂਬੇ ਦੇ ਲੋਕ ਇਸ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਕੈਪਟਨ, ਬਾਦਲ, ਮਜੀਠੀਆ ਨੇ ਆਪਣੇ ਨਿੱਜੀ ਹਿੱਤਾਂ ਖ਼ਾਤਰ ਪੰਜਾਬ ਅਤੇ ਇਸਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਆਪਣੇ ਪਰਿਵਾਰਾਂ ਦੀ ‘ਦੋਗਲੀ ਵਿਰਾਸਤ’ ਨੂੰ ਜਾਰੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ, ਜੋ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹੋਣ ਕਾਰਨ ਅੱਜ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੈ, ਦੇ ਪੁਰਖਿਆਂ ਨੇ 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਵਾਲੀ ਰਾਤ ਜਨਰਲ ਡਾਇਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਸੀ।0ਲ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ, ਜੋ ਆਪਣੇ ਭਤੀਜੇ ਮਜੀਠੀਆ ਦੇ ਮਨੁੱਖੀ ਅਧਿਕਾਰਾਂ ਬਾਰੇ ਵਧ-ਚੜ੍ਹ ਕੇ ਬੋਲ ਰਹੇ ਹਨ, ਅਤੇ ਉਨ੍ਹਾਂ ਦਾ ਪਰਿਵਾਰ ਦਾ ਸ਼ੱਕੀ ਰਿਕਾਰਡ ਹੈ ਕਿ ਉਹ ਪੰਜਾਬ ਨੂੰ ਲੋਕਾਂ ਨੂੰ ਹਮੇਸ਼ਾ ਧੋਖਾ ਦਿੰਦੇ ਆਏ ਹਨ ਅਤੇ ਹਮੇਸ਼ਾ ਪੰਜਾਬ ਵਿਰੋਧੀ ਤਾਕਤਾਂ ਚਾਹੇ ਉਹ ਮੁਗਲ , ਅੰਗਰੇਜ਼ ਜਾਂ ਹੁਣ ਭਾਜਪਾ ਹੋਵੇ, ਨਾਲ ਖੜ੍ਹੇ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਠੋਸ ਯਤਨ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਜ਼ਾਦੀ ਦਾ ਫਲ ਹਰ ਘਰ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਵਰ੍ਹਿਆਂ ਤੋਂ ਵੀ ਜ਼ਿਆਦਾ ਸਮਾਂ ਬੀਤਣ ਦੇ ਬਾਅਦ ਵੀ ਅਸਲ ਮਾਇਨੇ ਵਿੱਚ ਆਜ਼ਾਦੀ ਦਾ ਲਾਭ ਹਰ ਘਰ ਤੱਕ ਨਹੀਂ ਪਹੁੰਚਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਆਜ਼ਾਦੀ ਦਾ ਨਾਜਾਇਜ਼ ਫਾਇਦਾ ਚੁੱਕਦਿਆਂ ਪੰਜਾਬ ਨੂੰ ਚਿੱਟੇ ਵਰਗੇ ਨਸ਼ਿਆਂ, ਲੋਕਾਂ ਦੇ ਪੈਸੇ ਨੂੰ ਲੁੱਟਣ, ਭ੍ਰਿਸ਼ਟਾਚਾਰ ਅਤੇ ਹੋਰ ਅਲ੍ਹਾਮਤਾਂ ਨੂੰ ਹੱਲਾਸ਼ੇਰੀ ਦੇਣ ਤੋਂ ਸਿਵਾਏ ਹੋਰ ਕੁਝ ਨਹੀਂ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਹੁਣ ਤੱਕ ਦੇ ਪ੍ਰਧਾਨ ਮੰਤਰੀ ਲਾਲ ਕਿਲ੍ਹੇ ਤੋਂ ਆਪਣੇ ਆਜ਼ਾਦੀ ਦਿਵਸ ਭਾਸ਼ਣਾਂ ਵਿੱਚ ਇਹੀ ਬਿਆਨ ਦਿੰਦੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਵਧੇਰੇ ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਸਿਰਫ਼ ਡਰਾਮੇ ਹੀ ਦਿੱਤੇ ਹਨ ਅਤੇ ਜਨਤਾ ਅਜੇ ਵੀ ਮੁੱਢਲੀਆਂ ਸਹੂਲਤਾਂ ਤੋਂ ਵਾਂਝੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਇਨ੍ਹਾਂ ਲੋਕਾਂ ਨੇ ਇਸ ਲਈ ਕਦੇ ਕੋਈ ਠੋਸ ਯਤਨ ਨਹੀਂ ਕੀਤੇ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬੇ ਅਤੇ ਹੋਰ ਮਹਾਨ ਸ਼ਹੀਦਾਂ ਨੂੰ ਕੇਂਦਰ ਵਿਚਲੇ ਸੱਤਾਧਾਰੀ ਲੋਕਾਂ ਤੋਂ ਸਰਟੀਫਿਕੇਟ ਦੀ ਲੋੜ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਵਿੱਚ ਮਹਾਨ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਨੂੰ ਆਪਣੀ ਦੇਸ਼ ਭਗਤੀ ਲਈ ਸੱਤਾਧਾਰੀ ਲੋਕਾਂ ਤੋਂ ਕਿਸੇ ਵੀ ਤਰ੍ਹਾਂ ਦੇ ਐਨਓਸੀ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦਾ ਅਜਿਹਾ ਨਿਰਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਰਾਜਨੀਤਿਕ ਸਮਾਗਮ ਨਹੀਂ ਬਲਕਿ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਸਮਾਂ ਹੈ, ਜਿਨ੍ਹਾਂ ਨੇ ਮਾਤ ਭੂਮੀ ਦੀ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਕਾਇਮ ਰੱਖਣ ਵਾਸਤੇ ਠੋਸ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਹਮੇਸ਼ਾ ਸ਼ਹੀਦ ਭਗਤ ਸਿੰਘ ਦਾ ਰਿਣੀ ਰਹੇਗਾ ਜਿਸਨੇ 23 ਸਾਲ ਦੀ ਛੋਟੀ ਉਮਰ ਵਿੱਚ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਸ਼ਹੀਦ ਕੋਈ ਆਮ ਇਨਸਾਨ ਨਹੀਂ ਸਨ ਸਗੋਂ ਉਹ ਇੱਕ ਸੋਚ ਸਨ ਅਤੇ ਸਾਨੂੰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਹਰ ਯਤਨ ਸ਼ਹੀਦ ਭਗਤ ਸਿੰਘ ਦੇ ਸੁਪਨੇ ਅਨੁਸਾਰ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਵੱਲ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਦਾ ਹਰ ਕੰਮ ਸ਼ਹੀਦ-ਏ-ਆਜ਼ਮ ਤੋਂ ਪ੍ਰੇਰਿਤ ਰਿਹਾ ਕਿਉਂਕਿ ਉਨ੍ਹਾਂ ਨੂੰ ਉਸੇ ਜਗ੍ਹਾ ‘ਤੇ ਲੋਕਾਂ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਜਿੱਥੇ ਸ਼ਹੀਦ ਭਗਤ ਸਿੰਘ ਨੇ ਬੋਲ਼ਿਆਂ ਦੇ ਕੰਨ੍ਹ ਖੋਲ੍ਹਣ ਲਈ ਸ਼ਕਤੀਸ਼ਾਲੀ ਬ੍ਰਿਟਿਸ਼ ਰਾਜ ਨੂੰ ਬੰਬ ਸੁੱਟ ਕੇ ਨੂੰ ਹਿਲਾ ਦਿੱਤਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਮੁੱਖ ਮੰਤਰੀ ਅਤੇ ਪੂਰੇ ਮੰਤਰੀ ਮੰਡਲ ਨੇ ਖਟਕੜ ਕਲਾਂ ਦੀ ਪਵਿੱਤਰ ਧਰਤੀ ‘ਤੇ ਆਪਣਏ ਅਹੁਦੇ ਦੀ ਸਹੁੰ ਚੁੱਕੀ ਹੋਵੇ। ਉਨ੍ਹਾਂ ਕਿਹਾ ਕਿ 23 ਮਾਰਚ, 2022 ਨੂੰ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ‘ਤੇ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਗਈ ਸੀ, ਜੋ ਭ੍ਰਿਸ਼ਟਾਚਾਰ ਵਿਰੁੱਧ ਜੰਗ ਦੀ ਸ਼ੁਰੂਆਤ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸਏਐਸ ਨਗਰ (ਮੋਹਾਲੀ) ਦੇ ਪ੍ਰਵੇਸ਼ ਦੁਆਰ ‘ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਸਨਮਾਨ ਵਿੱਚ ਉਨ੍ਹਾਂ ਦਾ 30 ਫੁੱਟ ਉੱਚਾ ਦਿਉ-ਕੱਦ ਬੁੱਤ ਸਥਾਪਤ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਹੀ ਮੋਹਾਲੀ ਹਵਾਈ ਅੱਡੇ ਦਾ ਨਾਮ ਅਧਿਕਾਰਤ ਤੌਰ ‘ਤੇ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਾਉਣ ਦਾ ਵੀ ਫੈਸਲਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਲੋਕ ਇਨ੍ਹਾਂ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਨਾ ਲੈ ਕੇ ਸੂਬੇ ਦੀ ਵੱਧ ਤੋਂ ਵੱਧ ਸੇਵਾ ਕਰਨ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਸੰਤੋਸ਼ ਕਟਾਰੀਆ ਸਮੇਤ ਹੋਰ ਵੀ ਮੌਜੂਦ ਸਨ।