CM Mann ਨੇ ਸ਼ਹੀਦ ASI ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
ਨਾਇਕਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ
ਪ੍ਰਮੋਦ ਭਾਰਤੀ
ਨਵਾਂਸ਼ਹਿਰ 28 ਜੁਲਾਈ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰ ਨੂੰ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਏ.ਐਸ.ਆਈ. ਧਨਵੰਤ ਸਿੰਘ ਨੇ 18 ਜਨਵਰੀ, 2025 ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਅਫ਼ਸਰ ਦੇ ਅਥਾਹ ਯੋਗਦਾਨ ਪ੍ਰਤੀ ਸ਼ੁਕਰਗੁਜ਼ਾਰ ਪ੍ਰਗਟ ਕਰਦੀ ਹੈ।
ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਦੀ ਸਹਾਇਤਾ ਕਰਨਾ ਪੰਜਾਬ ਸਰਕਾਰ ਦਾ ਮੁਢਲਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਸੁਹਿਰਦ ਯਤਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਜਿੱਥੇ ਪਰਿਵਾਰ ਨੂੰ ਧਰਵਾਸ ਦੇਵੇਗਾ, ਉੱਥੇ ਹੀ ਭਵਿੱਖ ਨੂੰ ਸੁਰੱਖਿਅਤ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਹਥਿਆਰਬੰਦ ਸੈਨਾਵਾਂ ਅਤੇ ਪੰਜਾਬ ਪੁਲਿਸ ਵਿੱਚ ਜਾਣ ਲਈ ਵੀ ਉਤਸ਼ਾਹਿਤ ਕਰੇਗਾ।