ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ
ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਲੋਕ, ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ਤੇ ਕਰ ਸਕਦੇ ਹਨ ਸੰਪਰਕ
ਰੋਹਿਤ ਗੁਪਤਾ
ਬਟਾਲਾ, 29 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨਾਂ ਨੇ ਵਾਰਡ ਨੰਬਰ 09 ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਦਿਆਂ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜੇਕਰ ਤੁਹਾਡੇ ਕਿਸੇ ਵੀ ਵਾਰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਿਸ ਪ੍ਰਸ਼ਾਸਨ, ਉਨਾਂ ਨੂੰ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ਤੇ ਇਤਲਾਹ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਤੇ ਪਹਿਚਾਣ ਗੁਪਤ ਰੱਖੀ ਜਾਵੇਗੀ!
ਉਨਾਂ ਕਿਹਾ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੀ ਭੈੜੀ ਗ੍ਰਿਫਤ ਵਿੱਚ ਆ ਗਏ ਹਨ, ਉਨਾਂ ਦਾ ਨਸ਼ਾ ਛੁਡਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਮਰੀਜ਼ਾਂ ਨੂੰ ਮੁਫਤ ਦਵਾਈਆਂ, ਖਾਣਾ, ਰਹਿਣ ਸਹਿਣ ਆਦਿ ਸਾਰੇ ਪ੍ਰਬੰਧ ਦਿੱਤੇ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਛੇੜੀ ਗਈ ਹੈ, ਉਥੇ ਹੀ ਸਕੂਲਾਂ ਵਿੱਚ ਵੀ ‘ ਸਿੱਖਿਆ ਕ੍ਰਾਂਤੀ’ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਸਾਰੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਢਾਂਚਾ ਜਿਵੇਂ ਕਿ ਨਵੇਂ ਕਲਾਸ ਰੂਮ, ਲਾਈਬਰੇਰੀ, ਬਾਉਂਡਰੀ ਵਾਲ ਤੇ ਖੇਡਣ ਲਈ ਗਰਾਊਂਡ ਆਦਿ ਸਥਾਪਿਤ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ। ਜਿਸ ਨਾਲ ਹੁਣ ਵਿਦਿਆਰਥੀਆਂ ਦਾ ਭਵਿੱਖ ਵੀ ਉਜਵਲ ਹੋਵੇਗਾ ਤੇ ਉਹ ਸਰਕਾਰੀ ਸਕੂਲਾਂ ਵਿੱਚ ਖੇਡ ਕੇ ਖਿਡਾਰੀ ਵੀ ਬਣ ਸਕਦੇ ਹਨ।
ਇਸ ਮੌਕੇ ਅੰਮ੍ਰਿਤ ਕਲਸੀ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਮਨਜੀਤ ਸਿੰਘ ਬੁਮਰਾਹ ਵਾਇਸ ਕੁਆਰਡੀਨੇਟਰ ਨਸ਼ਾ ਮੁਕਤੀ ਯਾਤਰਾ, ਭੁਪਿੰਦਰ ਸਿੰਘ, ਵੀਨੂੰ ਕਾਹਲੋਂ, ਆਪ ਆਗੂ, ਵਰਕਰ ਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਵੀ ਮੌਜੂਦ ਸਨ।