350ਵੇਂ ਸ਼ਹੀਦੀ ਦਿਹਾੜੇ ਮੌਕੇ ਸਮਾਗਮਾਂ ਵਿੱਚ 1 ਕਰੋੜ ਦੇ ਕਰੀਬ ਸੰਗਤ ਪਹੁੰਚਣ ਦੀ ਉਮੀਦ- ਹਰਜੋਤ ਬੈਂਸ
- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਸਮਾਗਮਾਂ ਦੀਆਂ ਤਿਆਰੀਆਂ ਦੀ ਕੀਤੀ ਪਲੇਠੀ ਮੀਟਿੰਗ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ, 30 ਜੁਲਾਈ 2025 - ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਚਾਰ ਧਾਰਮਿਕ ਯਾਤਰਾਵਾਂ ਅਤੇ ਵੱਡੇ ਸਮਾਗਮ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਵਿਰਾਸਤ ਏ ਖਾਲਸਾ ਵਿੱਚ ਹੋਈ ਪਲੇਠੀ ਮੀਟਿੰਗ ਵਿੱਚ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ, ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਤੇ ਕੈਬਨਿਟ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਨੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਦੇ ਨਾਲ ਸੈਰ ਸਪਾਂਟਾ ਵਿਭਾਗ ਦੇ ਐਡਵਾਈਜਰ ਸ੍ਰੀ ਦੀਪਕ ਬਾਲੀ ਅਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਡਾ. ਅਭਿਨਵ ਤਰੀਖਾ ਵੀ ਮੋਜੂਦ ਸਨ। ਉਨ੍ਹਾਂ ਨੇ ਜਿਲ੍ਹਾ ਪ੍ਰਸਾਸ਼ਨ ਅਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਸਮੁੱਚੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸੰਗਤਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਹਿਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 19 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀ ਨਗਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਚਾਰ ਦਿਨਾਂ ਧਾਰਮਿਕ ਯਾਤਰਾ ਰਵਾਨਾ ਹੋਵੇਗੀ ਅਤੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਉਪਰੰਤ ਧਾਰਮਿਕ ਸਮਾਗਮਾਂ ਉਪਰੰਤ ਇਹ ਯਾਤਰਾਂ ਦਿੱਲੀ ਲਈ ਰਵਾਨਾ ਹੋਵੇਗੀ।
ਊਨ੍ਹਾਂ ਦੱਸਿਆ ਕਿ ਇਸੇ ਤਰਾਂ ਗੁਰਦਾਸਪੁਰ ਤੋਂ ਮਾਝਾ, ਦੁਆਬਾ ਯਾਤਰਾ, ਮਾਲਵਾ ਤੋ ਦੋ ਯਾਤਰਾਵਾਂ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ ਜੋ ਸੂਬੇ ਦੇ ਲਗਭਗ ਸਾਰੇ ਜਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। ਇਨ੍ਹਾਂ ਯਾਂਤਰਾਵਾਂ ਵਿੱਚ ਮਸ਼ਾਲ ਏ ਸ਼ਹਾਦਤ, ਗੁਰੂ ਸਾਹਿਬ ਦੀ ਜੀਵਨੀ ਤੇ ਸ਼ਹਾਦਤ ਨਾਲ ਸਬੰਧਿਤ ਲਾਈਬ੍ਰੇਰੀ, ਗੱਤਕਾ, ਪੰਜ ਨਿਸ਼ਾਨਚੀ, ਪੰਜ ਪਿਆਰੇ, ਕੀਰਤਨੀ ਜਥੇ, ਕਸ਼ਮੀਰੀ ਪੰਡਿਤ ਅਤੇ ਵੱਡੀ ਗਿਣਤੀ ਵਿੱਚ ਸੰਗਤ ਸਮੇਤ ਕਸ਼ਮੀਰੀ ਡੈਲੀਗੇਟ ਵੀ ਧਾਰਮਿਕ ਯਾਤਰਾ ਵਿਚ ਸ਼ਾਮਿਲ ਹੋਣਗੇ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਰਾਸਤ ਏ ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਦੇਸ਼ ਵਿਦੇਸ਼ ਤੋ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। ਇਸੇ ਦਿਨ ਵਿਰਾਸਤ ਏ ਖਾਲਸਾ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਸ਼ਾਨੀ ਸ਼ਹਾਦਤ ਨੂੰ ਦਰਸਾਉਦੀ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ। ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਨੋਵੇ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ ਮੌਕੇ ਸਰਵ ਧਰਮ ਸੰਮੇਲਨ ਕਰਵਾਏ ਜਾਣਗੇ, ਜਿਸ ਵਿੱਚ ਸਿੱਖ ਇਤਿਹਾਸ ਬਾਰੇ ਜਾਣਕਾਰੀ ਰੱਖਣ ਵਾਲੇ ਬੁੱਧੀਜੀਵੀ ਵਿਚਾਰ ਚਰਚਾ ਕਰਨਗੇ।
ਉਨ੍ਹਾਂ ਦੱਸਿਆ ਕਿ ਇਸ ਉਪਰੰਤ ਵਿਰਾਸਤ ਏ ਖਾਲਸਾ ਤੋਂ ਇੱਕ ਗਾਈਡ ਟੂਰ ਆਯੋਜਿਤ ਕੀਤਾ ਜਾਵੇਗਾ ਜੋ ਕਿ ਭਾਈ ਜੈਤਾ ਜੀ ਮੈਮੋਰੀਅਲ ਅਤੇ ਪੰਜ ਪਿਆਰਾ ਪਾਰਕ ਤੱਕ ਜਾਵੇਗਾ, ਇਸ ਪਾਰਕ ਵਿੱਚ ਕਥਾ ਤੇ ਕੀਰਤਨ ਦਰਬਾਰ ਸਜਾਏ ਜਾਣਗੇ।
ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਇੱਕ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾਇਆ ਜਾਵੇਗਾ, ਇਸ ਉੱਤੇ ਵੀ ਵਿਚਾਰ ਕਰ ਰਹੇ ਹਾਂ ਕਿ ਇਹ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇ। ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੈਰੀਟੇਜ ਵਾਕ ਕਰਵਾਈ ਜਾਵੇਗੀ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।
ਕੈਬਿਨੇਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਖਾਲਸਾ ਪ੍ਰਦਰਸ਼ਨੀ ਕੀਤੀ ਜਾਵੇਗੀ। ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਕਵੀ ਦਰਬਾਰ, ਢਾਡੀ, ਕਵੀਸ਼ਰੀ ਪ੍ਰੋਗਰਾਮ ਆਯੋਜਿਤ ਹੋਣਗੇ। ਇਸੇ ਦਿਨ ਪੰਜ ਪਿਆਰਾ ਪਾਰਕ ਵਿਚ “ਲਾਈਟ ਐਂਡ ਸਾਊਡ ਤੇ ਡਰੋਨ ਸ਼ੋਅ” ਰੋਸ਼ਨੀ ਅਤੇ ਅਵਾਜ ਦੇ ਪ੍ਰੋਗਰਾਮ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈਟੀਓ ਅਤੇ ਸ. ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਇਸ ਮੌਕੇ ਵਿਸੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹਾਜ਼ਰੀ ਭਰਨਗੇ ਅਤੇ ਜੰਗਲਾਤ ਵਿਭਾਗ ਵੱਲੋਂ ਰਾਜ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦੀ ਸੁਰੂਆਤ ਮੁੱਖ ਮੰਤਰੀ ਕਰਨਗੇ। ਇਸ ਮੁਹਿੰਮ ਦੌਰਾਨ 3.50 ਲੱਖ ਪੌਦੇ ਲਗਾਏ ਜਾਣਗੇ।
ਮੰਤਰੀ ਸਾਹਿਬਾਨ ਨੇ ਜਾਣਕਾਰੀ ਸਾਂਝੀ ਕੀਤੀ ਕਿ ਇਸ ਮੌਕੇ ਸਿਹਤ ਵਿਭਾਗ ਵੱਲੋਂ ਰਾਜ ਪੱਧਰੀ ਖੂਨਦਾਨ ਕੈਂਪ ਅਤੇ ਅੰਗਦਾਨ ਕਰਨ ਲਈ ਸਹੁੰ ਚੁਕਾਈ ਜਾਵੇਗੀ। ਇਸੇ ਦਿਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਰਬੱਤ ਦਾ ਭਲਾ ਇਕੱਤਤਰਤਾ ਰੱਖੀ ਜਾਵੇਗੀ, ਜਿਸ ਵਿੱਚ ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਸਖਸ਼ੀਅਤਾਂ, ਪ੍ਰਮੁੱਖ ਧਾਰਮਿਕ ਹਸਤੀਆਂ ਅਤੇ ਸੰਗਤਾਂ ਸਮੂਲੀਅਤ ਕਰਨਗੀਆਂ।
ਮੰਤਰੀ ਸਹਿਬਾਨ ਨੇ ਦੱਸਿਆ ਕਿ 25 ਨਵੰਬਰ ਨੂੰ ਸ਼ਾਮ 7 ਵਜੇ ਮਿਸ਼ਾਲ ਏ ਸ਼ਹਾਦਤ ਦੀ ਰੋਸ਼ਨੀ ਵਿੱਚ ਸੂਬੇ ਭਰ ਦੀਆਂ ਸਰਕਾਰੀ ਇਮਾਰਤਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਕਰਦੇ ਹੋਏ ਰੁਸ਼ਨਾਇਆ ਜਾਵੇਗਾ, ਇਸ ਦੇ ਲਈ ਸਮੁੱਚੀ ਸੰਗਤ ਨੂੰ ਵੀ ਬੇਨਤੀ ਕੀਤੀ ਜਾਵੇਗੀ। ਇਹ ਪ੍ਰੋਗਰਾਮ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਸ ਤੋ ਪਹਿਲਾਂ ਉੱਚ ਪੱਧਰੀ ਮੀਟਿੰਗਾਂ ਕਰਕੇ ਸਮੁੱਚੇ ਪ੍ਰੋਗਰਾਮ ਦੀ ਰੂਪ ਰੇਖਾ ਤਹਿ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਚ ਪਲੇਠੀ ਮੀਟਿੰਗ ਉਪਰੰਤ ਇਨ੍ਹਾਂ ਪ੍ਰੋਗਰਾਮਾ ਨੂੰ ਸੁਚਾਰੂ ਮੁਕੰਮਲ ਕਰਨ ਲਈ ਵੀ ਉਨ੍ਹਾਂ ਥਾਵਾਂ ਤੇ ਵੀ ਬੈਠਕਾਂ ਕੀਤੀਆ ਜਾਣਗੀਆਂ, ਜਿੱਥੇ ਗੁਰੂ ਸਾਹਿਬ ਨੇ ਆਪਣਾ ਜੀਵਨ ਬਤੀਤ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਸਹਿਬਾਨ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਰਹਿਣ ਲਈ ਟੈਂਟ ਸਿਟੀ ਅਤੇ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਜਾਣ ਵਾਸਤੇ ਈ ਰਿਕਸ਼ਾ ਦੇ ਪ੍ਰਬੰਧ ਹੋਣਗੇ।
ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਤੁਰੰਤ ਮੁਰੰਮਤ ਸ਼ੁਰੂ ਕੀਤੀ ਜਾਵੇਗੀ, ਸ਼ਹਿਰ ਨੂੰ ਵਾਈਟ ਸਿਟੀ ਬਣਾਉਣ ਲਈ ਪ੍ਰੋਗਰਾਮ ਉਲੀਕੇ ਜਾ ਚੁੱਕੇ ਹਨ, ਵਿਸੇਸ਼ ਸਫਾਈ ਮੁਹਿੰਮ ਸੁਰੂ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਨੂੰ ਵੱਡੀਆ ਸੌਗਾਤਾਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਐਸ.ਪੀ ਅਰਵਿੰਦ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾ, ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ, ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ, ਅਜੇ ਸਿੰਘ ਡੀ.ਐਸ.ਪੀ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।