ਡਾ ਰਾਜ ਕੁਮਾਰ ਚੱਬੇਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
- ਗਡਕਰੀ ਵੱਲੋਂ ਹੁਸ਼ਿਆਰਪੁਰ-ਟਾਂਡਾ ਸੜਕ ਦਾ ਨਿਰਮਾਣ ਜਲਦ ਸ਼ੁਰੂ ਕਰਵਾਉਣ ਦਾ ਭਰੋਸਾ
- 27.9 ਕਿਲੋਮੀਟਰ ਲੰਬਾਈ ਵਾਲੀ ਹੁਸ਼ਿਆਰਪੁਰ-ਟਾਂਡਾ ਸੜਕ 28.86 ਕਰੋੜ ਦੀ ਲਾਗਤ ਨਾਲ ਬਣੇਗੀ
- ਕਿਹਾ ਹੁਸ਼ਿਆਰਪੁਰ-ਜਲੰਧਰ ਸੜਕ ਦਾ ਰੁਕਿਆ ਕੰਮ ਵੀ ਆਉਂਦੇ ਸਮੇਂ ‘ਚ ਹੋਵੇਗਾ ਸ਼ੁਰੂ
ਹੁਸ਼ਿਆਰਪੁਰ, 31 ਜੁਲਾਈ 2025: ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸੜਕੀ ਆਵਾਜਾਈ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਹੁਸ਼ਿਆਰਪੁਰ ਤੋਂ ਟਾਂਡਾ ਰੋਡ ਦੇ ਨਿਰਮਾਣ ਕਾਰਜ ਨੂੰ ਜਲਦ ਸ਼ੁਰੂ ਕਰਵਾਉਣ ਲਈ ਮੰਗ ਪੱਤਰ ਦਿੱਤਾ ਜਿਸ ‘ਤੇ ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਕਿ ਜਲਦ ਹੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਜਾਵੇਗਾ।
ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਸਮੇਤ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ਸੜਕ, ਜਿਸ ਦੀ ਲੰਬਾਈ ਜਿਸਦੀ ਲੰਬਾਈ 27.9 ਕਿਲੋਮੀਟਰ ਹੈ, ਦੇ ਨਿਰਮਾਣ ’ਤੇ 28.86 ਕਰੋੜ ਦੀ ਲਾਗਤ ਹੋਵੇਗੀ । ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਮੰਤਰੀ ਨਾਲ ਮੁਲਾਕਾਤ ਮੌਕੇ ਹੁਸ਼ਿਆਰਪੁਰ-ਜਾਲੰਧਰ ਰੋਡ ਦੇ ਅਧੂਰੇ ਪਏ ਕੰਮ ਨੂੰ ਜਲਦ ਪੂਰਾ ਕਰਵਾਉਣ ਦੀ ਵੀ ਮੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਹੈ ਕਿ ਇਸ ਸੜਕ ਦਾ ਰੁਕਿਆ ਪਿਆ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾਵੇਗਾ। ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਹੁਸ਼ਿਆਰਪੁਰ-ਜਲੰਧਰ ਰੋਡ ਵਿੱਚ ਜਿੱਥੇ-ਜਿੱਥੇ ਹਾਲੇ ਤੱਕ ਸੜਕ ਦਾ ਨਿਰਮਾਣ ਨਹੀਂ ਹੋ ਸਕਿਆ ਹੈ ਉਨ੍ਹਾਂ ਥਾਵਾਂ ’ਤੇ ਪ੍ਰਸ਼ਾਸ਼ਨ ਨੂੰ ਜਮੀਨ ਐਕਵਾਇਰ ਕਰਨ ਵਿੱਚ ਮੁਸ਼ਕਿਲ ਪੇਸ਼ ਆਈ ਸੀ ਜਿਸ ਕਾਰਨ ਕੰਮ ਰੁਕ ਗਿਆ ਪਰ ਹੁਣ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਆਉਣ ਵਾਲੇ ਸਮੇਂ ਦੌਰਾਨ ਜਲਦ ਹੀ ਜਮੀਨ ਐਕਵਾਇਰ ਕਰਨ ਦੀ ਪ੍ਰਕ੍ਰਿਆ ਨੂੰ ਪੂਰੀ ਕਰਨ ਦਾ ਭਰੋਸਾ ਦਿੱਤਾ ਹੈ, ਜਿਸ ਉਪਰੰਤ ਸੜਕ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਦਮਪੁਰ ਦੇ ਫਲਾਈਓਵਰ ਦਾ ਰੁਕਿਆ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾ ਰਿਹਾ ਹੈ।
ਜਿਕਰਯੋਗ ਹੈ ਕਿ ਹੁਸ਼ਿਆਰਪੁਰ-ਜਲੰਧਰ ਰੋਡ ਦੀ ਲੰਬਾਈ 38 ਕਿਲੋਮੀਟਰ ਦੇ ਕਰੀਬ ਹੈ ਅਤੇ ਕਈ ਥਾਵਾਂ ’ਤੇ ਰੋਡ ਦਾ ਨਿਰਮਾਣ ਅਧੂਰਾ ਹੋਣ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੰਜ਼ੀਦਾ ਹੈ ਅਤੇ ਲੋਕ ਸਭਾ ਦੇ ਚੱਲ ਰਹੇ ਮੌਜੂਦਾ ਸੈਸ਼ਨ ਦੌਰਾਨ ਸੂਬੇ ਨਾਲ ਜੁੜੇ ਮੁੱਦਿਆਂ ਨੂੰ ਉਭਾਰ ਕੇ ਉਨ੍ਹਾਂ ਦੇ ਹੱਲ ਲਈ ਪੁਰਜੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।