Breaking : BJP ਨੇਤਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ
ਪਟਨਾ , 6 ਅਗਸਤ 2025: ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਕਾਨੂੰਨ ਵਿਵਸਥਾ 'ਤੇ ਇੱਕ ਵਾਰ ਫਿਰ ਸਵਾਲ ਉੱਠੇ ਹਨ। ਸ਼ਹਿਰ ਦੇ ਚੌਕ ਥਾਣਾ ਖੇਤਰ ਵਿੱਚ ਸਾਬਕਾ ਭਾਜਪਾ ਮੰਡਲ ਪ੍ਰਧਾਨ ਸ਼ਿਆਮ ਸੁੰਦਰ ਸ਼ਰਮਾ ਉਰਫ਼ ਮੁੰਨਾ ਸ਼ਰਮਾ ਨੂੰ ਅੱਜ ਸਵੇਰੇ ਬਦਮਾਸ਼ਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਜਾਣਕਾਰੀ ਮੁਤਾਬਕ ਮੁੰਨਾ ਸ਼ਰਮਾ ਆਪਣੇ ਕੁਝ ਰਿਸ਼ਤੇਦਾਰਾਂ ਨੂੰ ਆਟੋ ਫੜਾਉਣ ਲਈ ਜਾ ਰਿਹਾ ਸੀ। ਇਸ ਦੌਰਾਨ, ਮੋਟਰਸਾਈਕਲ 'ਤੇ ਸਵਾਰ ਅਪਰਾਧੀਆਂ ਨੇ ਉਸ ਦੀ ਸੋਨੇ ਦੀ ਚੇਨ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਮੁੰਨਾ ਸ਼ਰਮਾ ਨੇ ਇਸ ਦਾ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਪੁਲਿਸ ਅਤੇ ਲੋਕਾਂ ਦੀ ਪ੍ਰਤੀਕਿਰਿਆ
ਘਟਨਾ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਅਪਰਾਧੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ, ਇਸ ਘਟਨਾ ਤੋਂ ਗੁੱਸੇ ਵਿੱਚ ਆਏ ਸਥਾਨਕ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਇਹ ਘਟਨਾ ਪੁਲਿਸ ਦੀ ਲਾਪਰਵਾਹੀ ਕਾਰਨ ਵਾਪਰੀ ਹੈ।
ਸਿਆਸੀ ਪ੍ਰਤੀਕਿਰਿਆ
ਬਿਹਾਰ ਵਿੱਚ ਲਗਾਤਾਰ ਵੱਧ ਰਹੇ ਅਪਰਾਧਾਂ ਨੂੰ ਲੈ ਕੇ ਵਿਰੋਧੀ ਪਾਰਟੀ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਤੇਜਸਵੀ ਯਾਦਵ ਨੇ ਹਾਲ ਹੀ ਵਿੱਚ ਸਰਕਾਰ 'ਤੇ ਹਮਲਾ ਕੀਤਾ ਸੀ। ਜੇਡੀਯੂ ਦੇ ਰਾਸ਼ਟਰੀ ਬੁਲਾਰੇ ਰਾਜੀਵ ਰੰਜਨ ਪ੍ਰਸਾਦ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਬਿਹਾਰ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਕਈ ਹੋਰ ਰਾਜਾਂ ਨਾਲੋਂ ਬਿਹਤਰ ਹੈ।