ਗੁਰਦਾਸਪੁਰ: ਮੰਤਰੀ ਹਰਦੀਪ ਮੁੰਡੀਆਂ ਲਹਿਰਾਉਣਗੇ ਕੌਮੀ ਝੰਡਾ
ਰੋਹਿਤ ਗੁਪਤਾ
ਗੁਰਦਾਸਪੁਰ, 06 ਅਗਸਤ - ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਇਸ ਵਾਰ ਵੀ 15 ਅਗਸਤ ਨੂੰ ਕੌਮੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਨੂੰ ਕਾਮਯਾਬ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਵਿਖੇ ਜਸ਼ਨ-ਏ-ਅਜ਼ਾਦੀ ਸਮਾਗਮ ਪੂਰੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਉਪਰੰਤ ਪੰਜਾਬ ਪੁਲੀਸ ਦੇ ਜਵਾਨਾਂ, ਮਹਿਲਾ ਪਲਾਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਕੈਡਿਟ ਅਤੇ ਵੱਖ-ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸਭਿਆਚਾਰ ਦੀ ਤਰਜ਼ਮਾਨੀ ਕਰਦਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰ ਵਿਭਾਗ ਆਪਣੀਆਂ ਤਿਆਰੀਆਂ ਨੂੰ ਸਮਾਂ ਰਹਿੰਦਿਆਂ ਪੂਰਾ ਕਰ ਲਵੇ। ਮੀਟਿੰਗ ਦੌਰਾਨ ਉਨ੍ਹਾਂ ਅਜ਼ਾਦੀ ਸਮਾਗਮ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਰੀਵਿਊ ਵੀ ਕੀਤਾ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਸੱਦਾ ਦਿੱਤਾ ਕਿ ਉਹ 15 ਅਗਸਤ ਨੂੰ ਗੁਰਦਾਸਪੁਰ ਵਿਖੇ ਹੋ ਰਹੇ ਅਜ਼ਾਦੀ ਸਮਾਗਮ ਵਿੱਚ ਵੱਧ-ਚੜ ਕੇ ਹਿੱਸਾ ਲੈਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ ਸ੍ਰੀ ਆਦਿੱਤਯ ਗੁਪਤਾ, ਰੁਪਿੰਦਰਪਾਲ ਸਿੰਘ, ਆਰ.ਟੀ.ਏ ਸ੍ਰੀਮਤੀ ਨਵਜੋਤ ਸ਼ਰਮਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਹਾਜ਼ਰ ਸਨ।