ਈਜ਼ੀ ਰਜਿਸ਼ਟਰੇਸ਼ਨ ਰਾਹੀਂ ਲੋਕਾਂ ਦੀ ਖੱਜਲ-ਖੁਆਰੀ ਹੋਈ ਖਤਮ
- ਈਜ਼ੀ ਰਜਿਸਟਰੀ ਪ੍ਰਣਾਲੀ ਰਾਹੀਂ ਰਜਿਸਟਰੀ ਕਰਵਾਉਣ ਵਾਲਿਆਂ ਨੇ ਸਰਕਾਰ ਦੇ ਉਪਰਾਲੇ ਦੀ ਕੀਤੀ ਸਰਾਹਨਾ
ਰੋਹਿਤ ਗੁਪਤਾ
ਬਟਾਲਾ, 6 ਅਗਸਤ 2025 - ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਮਿਲੀ ਹੈ।
ਸ੍ਰੀਮਤੀ ਜਯੋਤਸਨਾ ਸਿੰਘ ਐਸ.ਡੀ.ਐਮ ਫਤਿਹਗੜ੍ਹ ਚੂੜੀਆਂ ਅਤੇ ਕਲਾਨੋਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ‘ਈਜ਼ੀ ਰਜਿਸਟਰੀ’ ਪ੍ਰਣਾਲੀ ਰਾਹੀਂ ਸੇਵਾਵਾਂ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ ਨਾਲ ਜਿੱਥੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ ਉਥੇ ਹੀ ਉਨ੍ਹਾਂ ਦੇ ਸਮੇਂ ਦੀ ਵੀ ਬਹੁਤ ਬੱਚਤ ਹੋ ਰਹੀ ਹੈ।
ਈ.ਜ਼ੀ ਰਜਿਸਟਰੀ ਪ੍ਰਣਾਲੀ ਨਾਲ ਨਾਲ ਰਜਿਸਟਰੀ ਕਰਵਾਉਣ ਲਈ ਤਹਿਸੀਲ ਦਫਤਰ ਕਲਾਨੌਰ ਵਿਖੇ ਪਹੁੰਚੇ ਗੁਰਮੀਤ ਸਿੰਘ ਨੇ ਦੱਸਿਆ ਕਿ ਉਨਾਂ ਦੀ ਬਹੁਤ ਹੀ ਸੌਖੇ ਤੇ ਸਹੀ ਢੰਗ ਨਾਲ ਰਜਿਸਟਰੀ ਹੋਈ ਹੈ, ਕੋਈ ਖੱਜਲ ਖੁਆਰੀ ਨਹੀਂ ਹੋਈ ਅਤੇ ਬਣਦੀ ਫੀਸ ਹੀ ਲਈ ਗਈ ਹੈ। ਉਨਾਂ ਕਿਹਾ ਕਿ ਕੋਈ ਵਾਧੂ ਖਰਚਾ ਨਹੀਂ ਲਿਆ ਗਿਆ ਅਤੇ ਉਹ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚੁੱਕੇ ਇਸ ਕਦਮ ਲਈ ਬਹੁਤ ਖੁਸ਼ ਹਨ।
ਇਸ ਤਰਾਂ ਰਜਿਸਟਰੀ ਕਰਵਾਉਣ ਆਏ ਗੁਰਦੇਵ ਸਿੰਘ ਨੇ ਦੱਸਿਆ ਕਿ ਤਹਿਸੀਲ ਦਫਤਰ ਦੇ ਸਟਾਫ ਵਲੋਂ ਪੂਰਾ ਸਹਿਯੋਗ ਕੀਤਾ ਗਿਆ ਅਤੇ ਕਾਗਜਾਂ ਦੀ ਘੋਖ ਪੜਤਾਲ ਕਰਨ ਉਪਰੰਤ ਅੱਧੇ ਘੰਟੇ ਵਿੱਚ ਹੀ ਈਜ਼ੀ ਰਜਿਸਟਰੀ ਪ੍ਰਣਾਲੀ ਨਾਲ ਉਨਾਂ ਨੇ ਰਜਿਸਟਰੀ ਕਰਵਾਈ ਹੈ। ਉਨਾਂ ਕੋਲੋਂ ਬਣਦੀ ਫੀਸ ਹੀ ਲਈ ਗਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਦਫਤਰ ਵਿੱਚ ਦਾਖ਼ਲ ਹੋਣ ਤੋਂ ਲੈ ਕੇ ਰਜਿਸਟ੍ਰੇਸਨ ਪੂਰੀ ਹੋਣ ਅਤੇ ਰਜਿਸਟਰੀ ਦਸਤਾਵੇਜ ਪ੍ਰਾਪਤ ਕਰਨ ਤੱਕ ਦੀ ਸਮੁੱਚੀ ਪ੍ਰਕਿਰਿਆ ਵਿੱਚ ਕਰੀਬ ਅੱਧੇ ਘੰਟੇ ਦਾ ਹੀ ਸਮਾਂ ਲੱਗਿਆ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਈ.ਜ਼ੀ ਰਜਿਸਟਰੀ ਪ੍ਰਣਾਲੀ ਦਾ ਲਾਭ ਉਠਾਉਣ, ਇਸ ਨਾਲ ਸਮੇਂ ਦੀ ਬਹੁਤ ਬੱਚਤ ਹੁੰਦੀ ਹੈ।
ਇਸ ਮੌਕੇ ਗੱਲ ਕਰਦਿਆਂ ਐਡਵੈਕੇਟ ਰੇਸ਼ਮ ਸਿੰਘ ਪਨੂੰ ਨੇ ਦੱਸਿਆ ਕਿ ਉਨਾਂ ਨੂੰ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਇਥੇ ਬੈਠਦੇ ਹਨ। ਉਨਾਂ ਦੱਸਿਆ ਕਿ ਰਜਿਸਟਰੀ ਕਰਨ ਤੋਂ ਪਹਿਲਾਂ ਸਾਰੇ ਕਾਗਜ਼ਾਂ ਦੀ ਜਾਂਚ ਪੜਤਾਲ ਕਰਨ ਉਪਰੰਤ ਹੀ ਰਜਿਸਟਰੀ ਕਰਵਾਈ ਜਾਂਦੀ ਹੈ, ਜਿਸ ਨਾਲ ਲੋਕਾਂ ਨੂੰ ਇਧਰ ਓਧਰ ਭਟਕਣਾ ਨਹੀਂ ਪੈਂਦਾ ਹੈ।
ਇਸ ਮੌਕੇ ਗੱਲ ਕਰਦਿਆਂ ਤਹਿਸੀਲਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਈਜ਼ੀ ਰਜਿਸ਼ਟਰੇਸ਼ਨ ਪ੍ਰੋਜੈਕਟ ਸੁਰੂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜਿਸ ਵੀ ਵਿਅਕਤੀ ਨੇ ਰਜਿਸਟਰੀ ਲਿਖਵਾਉਣੀ ਹੁੰਦੀ ਹੈ, ਉਹ ਸਰਕਾਰ ਵਲੋਂ ਰੱਖੇ ਵਕੀਲ ਰਾਹੀਂ ਕਾਗਜ਼ ਲਿਖਵਾਉਂਦੇ ਹਨ ਅਤੇ ਸਾਰੇ ਕਾਗਜ਼ ਕੰਪਲੀਟ ਕਰਨ ਉਪਰੰਤ ਸਰਕਾਰੀ ਫੀਸ ਭਰਨ ਨਾਲ ਰਜਿਸਟਰੀ ਪੇਸ਼ ਕੀਤੀ ਜਾਂਦੀ ਹੈ ਅਤੇ ਇੱਕ ਘੰਟੇ ਦੇ ਅੰਦਰ ਰਜਿਸਟਰੀ ਪ੍ਰਕਿਰਿਆ ਮੁਕੰਮਲ ਕਰ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ‘ਈਜ਼ੀ ਰਜਿਸਟਰੀ’ ਤਹਿਤ 10 ਰਜਿਸਟਰੀਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸੁਚਾਰੂ, ਨਿਰਵਿਘਨ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਉਦੇਸ਼ ਲੋਕਾਂ ਨੂੰ ਬੇਲੋੜੀਆਂ ਪ੍ਰੇਸ਼ਾਨੀਆਂ ਤੋਂ ਮੁਕਤ ਕਰਨਾ ਹੈ। ਇਸ ਨਾਲ ਲੁਕਵੇਂ ਖ਼ਰਚੇ ਖ਼ਤਮ ਹੋਏ ਹਨ ਅਤੇ ਵਿਚੋਲਿਆਂ ‘ਤੇ ਨਿਰਭਰਤਾ ਘਟਦੀ ਹੈ। ਉਨਾਂ ਅੱਗੇ ਕਿਹਾ ਕਿ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਜੇਕਰ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸਦੀ ਜਾਣਕਾਰੀ ਜਰੂਰ ਦਿੱਤੀ ਜਾਵੇ।