ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 7 ਅਗਸਤ:
ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਨਵ-ਨਿਯੁਕਤ ਮੁਲਾਜ਼ਮਾਂ ਵਿੱਚ 02 ਵਾਰਡਰ ਰੈਂਕ ਅਤੇ 01 ਗਰੁੱਪ ਡੀ ਕਰਮਚਾਰੀ ਸ਼ਾਮਲ ਹਨ, ਜੋ ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ ਹਨ। ਇਹ ਭਰਤੀ ਵਿਭਾਗ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗੀ।
ਇਹ ਭਰਤੀਆਂ ਜੇਲ੍ਹ ਵਿਭਾਗ ਵੱਲੋਂ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਟਾਫ਼ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਚੱਲ ਰਹੀ ਪਹਿਲਕਦਮੀ ਦੇ ਹਿੱਸੇ ਵਜੋਂ ਕੀਤੀਆਂ ਗਈਆਂ ਹਨ।
ਜੇਲ੍ਹ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਜੇਲ੍ਹ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਕੈਦੀਆਂ ਲਈ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਚਾਨਣਾ ਪਾਇਆ, ਜਿਸ ਵਿੱਚ ਵਿਦਿਅਕ, ਕਿੱਤਾਮੁਖੀ ਅਤੇ ਭਲਾਈ ਪ੍ਰੋਗਰਾਮ ਸ਼ਾਮਲ ਹਨ।
ਇਸ ਮੌਕੇ ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਜੇਲ੍ਹਾਂ ‘ਚ ਅਨੁਸ਼ਾਸਨ ਬਣਾਈ ਰੱਖਣ, ਕੈਦੀਆਂ ਨੂੰ ਸੁਧਾਰਨ ਅਤੇ ਵਿਭਾਗ ਦੇ ਸਮੁੱਚੇ ਕੰਮਕਾਜ ਦਾ ਸਮਰਥਨ ਕਰਨ ਵਿੱਚ ਹਰੇਕ ਮੁਲਾਜ਼ਮ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ।