ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਮੋਕਲ ਵਿਖੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਲਾਮਬੰਦ
- ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿਓ ਜਾਂ ਵਟਸਐਪ ਨੰਬਰ 97791-00200 ’ਤੇ ਭੇਜੋ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ, 7 ਅਗਸਤ 2025 - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੀ ਮਾਰਚ ਤੋਂ ਨਸ਼ਿਆਂ ਦੀ ਜੜ੍ਹ ਪੁੱਟਣ ਲਈ ਵਿੱਢੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਨਾਲ ਸਖ਼ਤੀ ਵਰਤੀ ਗਈ ਹੈ ਅਤੇ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ।
ਆਪਣੇ ਹਲਕੇ ਪਿੰਡ ਮੋਕਲ ਵਿਖੇ ਪਿੰਡ ਵਾਸੀਆਂ ਨੂੰ ‘ਨਸਾ ਮੁਕਤੀ ਯਾਤਰਾ’ ਤਹਿਤ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਲਗਾਤਾਰ ਰੋਜ਼ਾਨਾ ਨਸ਼ਾ ਤਸਕਰਾਂ ਵਿਰੁੱਧ ਜੰਗੀ ਪੱਧਰ ’ਤੇ ਚਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰਾਂ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰਕੇ ਅਰਬਾਂ ਰੁਪਏ ਮੁੱਲ ਹੈਰੋਇਨ, ਅਫੀਮ, ਨਸ਼ੀਲੇ ਕੈਪੂਸ਼ਸਲ/ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਕਰੀਬ 300 ਤੋਂ ਵਧੇਰੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨਾਲ ਤਹਿਸ ਨਹਿਸ ਕਰਦਿਆਂ ਨਸ਼ਿਆਂ ਦੇ ਧੰਦੇ ਦੀ ਵੱਡੇ ਪੱਧਰ ’ਤੇ ਨੱਥ ਪਾਈ ਗਈ ਹੈ। ਇਸ ਮੌਕੇ ਉਨਾਂ ਵਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਲੜਨ ਦੀ ਸਹੁੰ ਵੀ ਚੁਕਾਈ ਗਈ।
ਉਨਾਂ ਨੇ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿਓ ਜਾਂ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ’ਤੇ ਵੀ ਭੇਜ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ।