ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ - ਮੋਹਿੰਦਰ ਭਗਤ
- ਰੱਖਿਆ ਸੇਵਾਵਾਂ ਭਲਾਈ ਮੰਤਰੀ ਨੇ ਸੈਨਿਕ ਰੈਸਟ ਹਾਊਸ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
- ਜ਼ਿਲ੍ਹਾ ਰੱਖਿਆ ਸੇਵਾਵਾਂ ਦਫ਼ਤਰ ਦਾ ਦੌਰਾ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
ਹੁਸ਼ਿਆਰਪੁਰ, 7 ਅਗਸਤ 2025 - ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜੰਗੀ ਯਾਦਗਾਰ 'ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸੈਨਿਕ ਰੈਸਟ ਹਾਊਸ ਦੇ ਨਵੀਨੀਕਰਨ ਦਾ ਰਸਮੀ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਲੋੜਵੰਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਚੈੱਕ ਵੀ ਭੇਟ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਾਨਦਾਰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਸਾਬਕਾ ਸੈਨਿਕ ਸਾਡੇ ਦੇਸ਼ ਦਾ ਮਾਣ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸੈਨਿਕ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਮੁਸ਼ਕਿਲ ਆਉਂਦੀ ਹੈ, ਤਾਂ ਉਨ੍ਹਾਂ ਨੂੰ ਤੁਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੂੰ ਸੂਚਿਤ ਕਰਨਾ ਚਾਹੀਦਾ ਹੈ ਤਾਂ ਜੋ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ।
ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਦੀ ਭਲਾਈ ਨਾਲ ਸਬੰਧਿਤ ਮੁੱਦਿਆਂ 'ਤੇ ਤਿਮਾਹੀ ਮੀਟਿੰਗਾਂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੀਤੀਆਂ ਜਾਣ, ਜੋ ਕਿ ਇਸ ਸਮੇਂ ਨਿਯਮਿਤ ਤੌਰ 'ਤੇ ਵੀ ਕੀਤੀਆਂ ਜਾ ਰਹੀਆਂ ਹਨ।
ਇਸ ਤੋਂ ਪਹਿਲਾਂ, ਲੈਫਟੀਨੈਂਟ ਕਰਨਲ (ਸੇਵਾਮੁਕਤ) ਸਰਬਜੀਤ ਸਿੰਘ ਸੈਣੀ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ 117 ਸੇਵਾਮੁਕਤ ਅਧਿਕਾਰੀ, 61,621 ਸਾਬਕਾ ਸੈਨਿਕ, 7,428 ਵਿਧਵਾਵਾਂ, 137 ਯੁੱਧ-ਵਿਧਵਾਵਾਂ ਅਤੇ 221 ਪੁਰਸਕਾਰ ਜੇਤੂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੰਪਿਊਟਰ ਕੋਰਸਾਂ ਅਤੇ ਮੁੜ ਤਾਇਨਾਤੀ ਦੇ ਮੌਕੇ ਵਰਗੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਡਿਫੈਂਸ ਸਰਵਿਸਿਜ਼ ਵੈਲਫੇਅਰ ਪੰਜਾਬ ਦੇ ਡਾਇਰੈਕਟਰ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਵਿਭਾਗ ਸਾਬਕਾ ਸੈਨਿਕਾਂ ਨੂੰ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਅਤੇ ਨਵੀਆਂ ਨੀਤੀਆਂ ਦਾ ਲਾਭ ਪ੍ਰਦਾਨ ਕਰ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ. ਡੀ. ਐਮ ਦਸੂਹਾ ਕੰਵਲਜੀਤ ਸਿੰਘ, ਐਸ. ਪੀ ਡਾ. ਮੁਕੇਸ਼, ਉਪ ਪ੍ਰਧਾਨ ਜਿਲਾ ਸੈਨਿਕ ਬੋਰਡ ਕਰਨਲ (ਸੇਵਾਮੁਕਤ) ਮਲੂਕ ਸਿੰਘ, ਕਰਨਲ (ਸੇਵਾਮੁਕਤ) ਰਘਬੀਰ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਸਟਾਫ਼, ਵੀਰ ਨਾਰੀਆਂ, ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰ ਵੱਡੀ ਗਿਣਤੀ ਵਿਚ ਮੌਜੂਦ ਸਨ।