ਉੱਘੇ ਵਿਦਵਾਨਾਂ ਦੀਆਂ 25 ਕਿਤਾਬਾਂ ਉੱਪਰ ਪਾਬੰਦੀ ਲਾਉਣਾ ਇਤਿਹਾਸ ਨੂੰ ਮਿਟਾਉਣ ਦਾ ਯਤਨ - ਜਮਹੂਰੀ ਫਰੰਟ
ਚੰਡੀਗੜ੍ਹ, 7 ਅਗਸਤ 2025 - ਅੱਜ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਕੇ ਓਪਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੇ ਕਨਵੀਨਰਾਂ ਡਾ. ਪਰਮਿੰਦਰ ਸਿੰਘ, ਪ੍ਰੋਫੈਸਰ ਏ.ਕੇ.ਮਲੇਰੀ, ਬੂਟਾ ਸਿੰਘ ਮਹਿਮੂਦਪੁਰ ਅਤੇ ਯਸ਼ਪਾਲ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ 25 ਕਿਤਾਬਾਂ ਉੱਪਰ ਪਾਬੰਦੀ ਲਾ ਕੇ ਉਨ੍ਹਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਹ ਕਿਤਾਬਾਂ ਬੁੱਕਰ ਇਨਾਮ ਜੇਤੂ ਵਿਸ਼ਵ ਪ੍ਰਸਿੱਧ ਲੇਖਿਕਾ ਅਰੁੰਧਤੀ ਰਾਏ, ਤਾਰਿਕ ਅਲੀ, ਏ.ਜੇ. ਨੂਰਾਨੀ, ਅਨੁਰਾਧਾ ਭਸੀਨ, ਸੁਮਾਂਤਰਾ ਬੋਸ, ਕਿ੍ਰਸਟੋਫਰ ਸਨੇਡਨ, ਰਾਧਿਕਾ ਗੁਪਤਾ, ਸੀਮਾ ਕਾਜ਼ੀ, ਡਾ. ਅਬਦੁਲ ਜੱਬਰ ਗੋਕਖਾਨੀ ਵਰਗੇ ਉੱਘੇ ਲੇਖਕਾਂ, ਵਿਦਵਾਨਾਂ, ਸੰਪਾਦਕਾਂ ਅਤੇ ਇਤਿਹਾਸਕਾਰਾਂ ਦੀਆਂ ਲਿਖੀਆਂ ਹੋਈਆਂ ਹਨ।
ਆਕਸਫੋਰਡ ਯੂਨੀਵਰਸਿਟੀ ਪ੍ਰੈੱਸ, ਰੂਟਲੈਜ, ਵਾਈਕਿੰਗ ਪੈਂਗੂਇਨ, ਹਾਰਪਰ ਕੌਲਿਨਜ਼, ਕੈਂਬਰਿਜ਼ ਯੂਨੀਵਰਸਿਟੀ ਪ੍ਰੈੱਸ, ਪੈਨ ਮੈਕਮਿਲਨ ਇੰਡੀਆ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਮਿਆਰੀ ਪ੍ਰਕਾਸ਼ਨ ਸਮੂਹਾਂ ਵੱਲੋਂ ਪ੍ਰਕਾਸ਼ਿਕ ਕੀਤੀਆਂ ਡੂੰਘੀ ਖੋਜ ਅਤੇ ਇਤਿਹਾਸਕ ਤੱਥਾਂ ’ਤੇ ਆਧਾਰਤ ਇਨ੍ਹਾਂ ਕਿਤਾਬਾਂ ਨੂੰ “ਝੂਠੇ ਬਿਰਤਾਂਤ” ਅਤੇ “ਵੱਖਵਾਦ” ਨੂੰ ਪ੍ਰਚਾਰਨ ਵਾਲਾ ‘ਗੁੰਮਰਾਹਕੁਨ’ ਸਾਹਿਤ ਕਰਾਰ ਦੇ ਕੇ ਪਾਬੰਦੀ ਲਾਉਣਾ ਭਾਜਪਾ ਸਰਕਾਰ ਦੀ ਫਾਸ਼ੀਵਾਦੀ ਮਾਨਸਿਕਤਾ ਦਾ ਮੂੰਹ ਬੋਲਦਾ ਸਬੂਤ ਹੈ ਜੋ ਮਜ਼ਲੂਮ ਕਸ਼ਮੀਰੀ ਲੋਕਾਂ ਦੇ ਸਵੈਨਿਰਣੇ ਦੇ ਜਮਹੂਰੀ ਹੱਕ ਨੂੰ ਫ਼ੌਜੀ ਤਾਕਤ ਦੇ ਜ਼ੋਰ ਕੁਚਲਣ ਦੀ ਨੀਤੀ ਦਾ ਅਨਿੱਖੜ ਅੰਗ ਹੈ।
ਇਹ ਕਸ਼ਮੀਰੀਆਂ ਨਾਲ ਹੋਏ ਧੱਕੇ ਤੇ ਵਿਤਕਰੇ ਦੇ ਦਸਤਾਵੇਜ਼ੀ ਸਬੂਤਾਂ ਨੂੰ ਮਿਟਾਉਣ ਅਤੇ ਕਸ਼ਮੀਰੀ ਕੌਮ ਦੀਆਂ ਅਗਲੀਆਂ ਪੀੜ੍ਹੀਆਂ ਤੋਂ ਉਨ੍ਹਾਂ ਦਾ ਇਤਿਹਾਸ ਖੋਹਣ ਦਾ ਘਿਣਾਉਣਾ ਯਤਨ ਹੈ ਜਿਸ ਰਾਹੀਂ ਭਗਵਾ ਸਰਕਾਰ ਆਪਣੇ ਮਨਪਸੰਦ ਝੂਠੇ ਬਿਰਤਾਂਤ ਨੂੰ ਸਦੀਵੀ ਸੱਚ ਬਣਾਕੇ ਸਥਾਪਤ ਕਰਨ ਚਾਹੁੰਦੀ ਹੈ। ਦੁਨੀਆ ਦਾ ਇਤਿਹਾਸ ਗਵਾਹ ਹੈ ਕਿ ਕਿਸੇ ਵੀ ਭਾਈਚਾਰੇ ਦੀ ਸਵੈਨਿਰਣੇ ਦੀ ਰੀਝ ਨੂੰ ਫ਼ੌਜੀ ਧੌਂਸ ਤੇ ਜਬਰ-ਜ਼ੁਲਮ ਦੇ ਜ਼ੋਰ ਵਕਤੀ ਤੌਰ ’ਤੇ ਤਾਂ ਦਬਾਇਆ ਜਾ ਸਕਦਾ ਹੈ ਪਰ ਖ਼ਤਮ ਨਹੀਂ ਕੀਤਾ ਜਾ ਸਕਦਾ। ਖ਼ੁਦ ਕਸ਼ਮੀਰੀ ਲੋਕਾਂ ਦਾ ਸਾਢੇ ਸੱਤ ਦਹਾਕਿਆਂ ਦਾ ਸੰਘਰਸ਼ ਇਸ ਇਤਿਹਾਸਕ ਸਚਾਈ ਉੱਪਰ ਮੋਹਰ ਲਾਉਂਦਾ ਹੈ।
ਸਮੂਹ ਇਨਸਾਫ਼ਪਸੰਦ ਅਤੇ ਜਮਹੂਰੀ ਮੁੱਲਾਂ ਨੂੰ ਪ੍ਰਣਾਈਆਂ ਤਾਕਤਾਂ ਨੂੰ ਇਸ ਫਾਸ਼ੀਵਾਦੀ ਫਰਮਾਨ ਦਾ ਡੱਟਕੇ ਵਿਰੋਧ ਕਰਨਾ ਚਾਹੀਦਾ ਹੈ। ਫਰੰਟ ਦੇ ਆਗੂਆਂ ਨੇ ਮੰਗ ਕੀਤੀ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਇਹ ਪਾਬੰਦੀ ਵਾਪਸ ਲਏ, ਵਿਚਾਰ ਪ੍ਰਗਟਾਵੇ ਦੇ ਹੱਕ ਉੱਪਰ ਹਮਲੇ ਬੰਦ ਕੀਤੇ ਜਾਣ ਅਤੇ ਕਸ਼ਮੀਰੀ ਲੋਕਾਂ ਦਾ ਸਵੈਨਿਰਣੇ ਦਾ ਹੱਕ ਤਸਲੀਮ ਕਰਦੇ ਹੋਏ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕੀਤਾ ਜਾਵੇ।