ਨਸ਼ਾ ਤਸਕਰਾਂ ਵਿਰੁਧ ਪਿੰਡ ਵਿਚ ਲੱਗਣਗੇ CCTV ਕੈਮਰੇ
ਸ੍ਰੀ ਮੁਕਤਸਰ ਸਾਹਿਬ, 8 ਅਗਸਤ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ । ਇਹ ਪ੍ਰਗਟਾਵਾ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੋ ਵਿੱਚੋਂ ਜ਼ਿਲ੍ਹੇ ਦੇ ਪਿੰਡ ਬਾਂਮ ‘ਚ ਕੈਮਰੇ ਲਗਵਾਉਣ ਲਈ ਗਰਾਂਟ ਜਾਰੀ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਬਾਂਮ ਵਿਖੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪਿੰਡ ‘ਚ ਕੈਮਰੇ ਲਗਾਏ ਗਏ ਹਨ, ਜਿਸ ਨਾਲ ਪਿੰਡ ਚ ਆਉਣ ਜਾਣ ਵਾਲੇ ਹਰ ਵਿਅਕਤੀ ਤੇ ਨਿਗਾ ਰੱਖੀ ਜਾਵੇਗੀ।
ਇਸ ਮੌਕੇ ਜਗਦੇਵ ਸਿੰਘ ਬਾਮ ਚੇਅਰਮੈਨ, ਜਗਮੀਤ ਸਿੰਘ ਸਰਪੰਚ, ਗੁਰਵਿੰਦਰ ਸਿੰਘ ਮਾਨ, ਪਰਵਿੰਦਰ ਸਿੰਘ ਮਾਨ, ਲਖਵਿੰਦਰ ਸਿੰਘ ਮਾਨ, ਲਵਪ੍ਰੀਤ ਸਿੰਘ, ਅਰਸ਼ ਬਰਾੜ ਜੱਸੇਆਣਾ ਹਾਜ਼ਰ ਸਨ ।