ਡਾ.ਓਬਰਾਏ ਦੀ ਬਦੌਲਤ ਦੋ ਮਹੀਨਿਆਂ ਬਾਅਦ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
- ਦੁਬਈ 'ਚ 10 ਜੂਨ ਨੂੰ 20 ਸਾਲਾ ਗਗਨਦੀਪ ਸਿੰਘ ਦੀ ਹੋ ਗਈ ਸੀ ਮੌਤ
- ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਏਅਰਪੋਰਟ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ
ਅੰਮ੍ਰਿਤਸਰ,8 ਅਗਸਤ 2025 - ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਧਾਰੀਵਾਲ ਨੇੜਲੇ ਪਿੰਡ ਸਰਸਪੁਰ ਸਾਲਾ ਸਬੰਧਿਤ 20 ਸਾਲਾ ਗਗਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਗਗਨਦੀਪ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੀ ਗ਼ੁਰਬਤ ਦੂਰ ਕਰਨ ਦੇ ਮਕਸਦ ਨਾਲ ਅਜੇ 6 ਕੁ ਮਹੀਨੇ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 10 ਜੂਨ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਦੁਬਈ ਸਥਿਤ ਭਾਰਤੀ ਦੂਤਾਵਾਸ ਨੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਇੱਕ ਨੌਜਵਾਨ ਦਾ ਮ੍ਰਿਤਕ ਸਰੀਰ ਕੁਝ ਸਮੇਂ ਤੋਂ ਲਾਵਾਰਿਸ ਪਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਸਬੰਧੀ ਸਾਰੀ ਜਾਣਕਾਰੀ ਇਕੱਤਰ ਕਰਕੇ ਉਨ੍ਹਾਂ ਆਪਣੀ ਗੁਰਦਾਸਪੁਰ ਟੀਮ ਦੇ ਪ੍ਰਧਾਨ ਰਵਿੰਦਰ ਸਿੰਘ ਮਠਾੜੂ ਰਾਹੀਂ ਇਸ ਅਣਹੋਣੀ ਸਬੰਧੀ ਬੇਖ਼ਬਰ ਉਸਦੇ ਵਾਰਸਾਂ ਨੂੰ ਜਾਣੂ ਕਰਵਾਇਆ ਸੀ।
ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਗਗਨਦੀਪ ਦੇ ਮ੍ਰਿਤਕ ਸਰੀਰ ਦੀ ਪੁਸ਼ਟੀ ਹੋਣ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਆਪਣੇ ਖਰਚ 'ਤੇ ਗਗਨਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ, ਜਿਸ ਉਪਰੰਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਮ੍ਰਿਤਕ ਸਰੀਰ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਡਾ.ਉਬਰਾਏ ਨੇ ਕਿਹਾ ਕਿ ਟਰੱਸਟ ਦੀ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਗਗਨਦੀਪ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।
ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਗਗਨਦੀਪ ਸਿੰਘ ਦੇ ਭਰਾ ਅਕਾਸ਼ਦੀਪ ਸਿੰਘ,ਰਾਜਾ, ਆਸ਼ਿਸ਼ ਤੇ ਮਾਮੇ ਵਿੱਕੀ,ਸਿਮੌਨ ਮਸੀਹ,ਇੰਦਰਾਜ਼ ਮਸੀਹ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਬਦੌਲਤ ਹੀ ਉਨ੍ਹਾਂ ਨੂੰ ਗਗਨਦੀਪ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।