ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਰਗੇ ਅਹਿਮ ਖੇਤਰ ਸਾਡੀ ਪ੍ਰਮੁੱਖ ਤਰਜੀਹ-MLA ਸ਼ੈਰੀ ਕਲਸੀ
ਕਿਹਾ-ਉਦਯੋਗ ਮੁਖੀਆਂ ਦੀ ਫੀਡਬੈਕ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੀ ਕੁੰਜੀ
ਰੋਹਿਤ ਗੁਪਤਾ
ਬਟਾਲਾ, 11 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਿਕ ਖੇਤਰ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਉਦਯੋਗਪਤੀਆਂ ਤੋਂ ਪ੍ਰਾਪਤ ਫੀਡਬੈਕ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਨੀਤੀਆਂ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਉਦਯੋਗਿਕ ਵਿਕਾਸ ਰੁਕ ਗਿਆ ਸੀ ਪਰ ਮੌਜੂਦਾ ਸਰਕਾਰ ਉਦਯੋਗਿਕ ਖੇਤਰ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਉਦਯੋਗਪਤੀਆਂ ਦੀ ਸਖਤ ਮਿਹਨਤ, ਦਿ੍ਰੜ੍ਹਤਾ ਅਤੇ ਸਮਰਪਣ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਵਿਕਾਸ ਦੀ ਰਾਹ ‘ਤੇ ਲਿਜਾਣ ਲਈ ਸਨਅਤਕਾਰਾਂ ਦੀ ਫੀਡਬੈਕ ਦੀ ਅਹਿਮੀਅਤ ‘ਤੇ ਜੋਰ ਦਿੱਤਾ ਹੈ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਪਿਛਾਂਹ-ਖਿੱਚੂ ਨੀਤੀਆਂ ਨਾਲ ਉਦਯੋਗ ਪੰਜਾਬ ਤੋਂ ਪਲਾਇਨ ਕਰ ਗਏ ਸਨ। ਉਦੋਂ ਵਿਕਾਸ ਨੂੰ ਸੁਚਾਰੂ ਬਣਾਉਣ ਦੀ ਬਜਾਏ ਸਨਅਤਾਂ ਲਈ ਬੇਲੋੜੀਆਂ ਰੁਕਾਵਟਾਂ ਪੈਦਾ ਕੀਤੀਆਂ ਗਈਆਂ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਸਿਹਤ ਸੰਭਾਲ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਅਹਿਮ ਖੇਤਰਾਂ ਨੂੰ ਕੌਮੀ ਪੱਧਰ ‘ਤੇ ਲਿਆਉਣ ਦਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਿਹਰਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪੰਜ ਖੇਤਰ ਸਾਡੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਅਸੀਂ ਇਨ੍ਹਾਂ ਖੇਤਰਾਂ ਨੂੰ ਮਜਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਾਂ।
ਉਨਾਂ ਨੇ ਅੱਗੇ ਕਿਹਾ ਕਿ ਸਾਡੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਸਰਕਾਰ, ਉਦਯੋਗ ਅਤੇ ਅਕਾਦਮਿਕ ਸੰਸਥਾਵਾਂ ਦਰਮਿਆਨ ਸਹਿਯੋਗ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਤਾਲਮੇਲ ਸਾਡੇ ਰਾਜ ਅਤੇ ਇਸ ਦੇ ਲੋਕਾਂ ਲਈ ਕਾਫੀ ਲਾਭਦਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ ਸੰਭਾਲ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਸਾਡੀ ਵਿਕਾਸ ਰਣਨੀਤੀ ਦੇ ਮੁੱਖ ਥੰਮ੍ਹ ਹਨ।