ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਫੂਕੇ
ਅਸ਼ੋਕ ਵਰਮਾ
ਬਠਿੰਡਾ, 11 ਅਗਸਤ 2025: ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ਤੇ ਰੋਸ ਹਫਤਾ ਮਨਾਉਂਦਿਆਂ ਸਾਂਝਾ ਫਰੰਟ ਬਠਿੰਡਾ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਰੈਲੀ ਕਰਕੇ ਬੱਸ ਸਟੈਂਡ ਦੇ ਗੇਟ ਤੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਿਆ ਗਿਆ।ਸਾਂਝੇ ਫਰੰਟ ਦੇ ਸੂਬਾ ਕਨਵੀਨਰ ਸਾਥੀ ਗਗਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਨੂੰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਲਿਖਤੀ ਰੂਪ ਵਿੱਚ ਸਮੇਂ ਸਮੇਂ ਤੇ ਮੀਟਿੰਗਾਂ ਦਿੱਤੀਆਂ ਗਈਆਂ ਸਨ ਪਰ ਅਫਸੋਸ ਦੀ ਗੱਲ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਆਪਣੀ ਜ਼ਿੰਮੇਵਾਰੀ ਤੋਂ ਭੱਜਦਿਆਂ ਲਗਾਤਾਰ ਇਹਨਾਂ ਮੀਟਿੰਗਾਂ ਨੂੰ ਅੱਗੇ ਤੋਂ ਅੱਗੇ ਪਾਇਆ ਜਾ ਰਿਹਾ ਹੈ।ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੈਨਸ਼ਨਰਾਂ ਤੇ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾ ਰਹੇ,ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ, ਨਵ-ਨਿਯੁਕਤ ਮੁਲਾਜ਼ਮਾਂ ਤੇ ਕੇਂਦਰੀ ਪੈਟਰਨ ਲਾਗੂ ਕੀਤਾ ਹੋਇਆ ਹੈ,ਡੀ ਏ ਦੀਆਂ ਕਿਸ਼ਤਾਂ ਦਾ ਬਕਾਇਆ ਕਿਸ਼ਤਾਂ ਨਹੀਂ ਦਿੱਤਾ ਜਾ ਰਿਹਾ, ਛੇਵੇਂ ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਆਦਿ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨਜਿਸ ਕਰਕੇ ਸਾਂਝਾ ਫਰੰਟ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਉਲੀਕੇਗਾ। ਇਸ ਮੌਕੇ ਬਿਜਲੀ ਬੋਰਡ ਮੁਲਾਜ਼ਮਾਂ ਦੀ ਹੜਤਾਲ ਅਤੇ ਬਠਿੰਡਾ ਵਿਖੇ ਬੱਸ ਸਟੈਂਡ ਦੇ ਸੰਘਰਸ਼ ਦੀ ਹਮਾਇਤ ਕੀਤੀ ਗਈ।ਅੱਜ ਇਸ ਇਕੱਠ ਨੂੰ ਸਾਥੀ ਦਰਸ਼ਨ ਸਿੰਘ ਮੌੜ,ਜਗਪਾਲ ਸਿੰਘ ਬੰਗੀ, ਰਣਜੀਤ ਸਿੰਘ ਤੂਰ, ਪ੍ਰਿੰਸੀਪਲ ਰਣਜੀਤ ਸਿੰਘ, ਧੰਨਾ ਸਿੰਘ ਤਿਗੜੀ, ਬਲਰਾਜ ਸਿੰਘ ਮੌੜ, ਗੁਰਮੇਲ ਸਿੰਘ,ਕੈਲਾਸ਼ ਕੁਮਾਰ, ਆਤਮਤੇਜ ਸ਼ਰਮਾ,ਸਿਕੰਦਰ ਧਾਲੀਵਾਲ,ਆਰੁਣ ਕੁਮਾਰ,ਆਦਿ ਆਗੂਆਂ ਨੇ ਸੰਬੋਧਨ ਕੀਤਾ।