ਸੁਤੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਵੱਲੋਂ ਪੰਜਾਬ ‘ਚ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ, ਸੂਬੇ ਭਰ ਵਿੱਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼
— ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਅਤੇ ਆਊਟਰੀਚ ਸੈਸ਼ਨਾਂ ਦੀ ਕੀਤੀ ਪ੍ਰਧਾਨਗੀ
— ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼
— ਡੀਜੀਪੀ ਪੰਜਾਬ ਨੇ ਐਸਐਚਓਜ਼ ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ 'ਤੇ ਵੀ ਕੀਤੀ ਗੱਲਬਾਤ
ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ/ਲੁਧਿਆਣਾ, 11 ਅਗਸਤ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਆਗਾਮੀ ਸੁਤੰਰਤਾ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੁਲਿਸ ਬਲ ਨੂੰ ਮੌਜੂਦਾ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਸਰਹੱਦੀ ਸੂਬੇ ਵਿੱਚ ਕਿਸੇ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਨੂੰ ਰੋਕਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਉੱਚ-ਪੱਧਰੀ ਨਾਕਿਆਂ ਅਤੇ ਹਰ ਸਮੇਂ ਨਿਗਰਾਨੀ ਕਰਨ ਦੇ ਨਿਰਦੇਸ਼ ਜਾਰੀ ਕੀਤੇ।
ਡੀਜੀਪੀ ਪੰਜਾਬ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਪੁਲਿਸ ਰੇਂਜਾਂ - ਸਰਹੱਦੀ, ਜਲੰਧਰ, ਲੁਧਿਆਣਾ ਅਤੇ ਰੋਪੜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕਰਨ ਲਈ ਦੌਰੇ 'ਤੇ ਸਨ। ਉਨ੍ਹਾਂ ਨੇ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਅਤੇ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦਾ ਵੀ ਜਾਇਜ਼ਾ ਲਿਆ।
ਨਸ਼ਿਆਂ ਦੇ ਖਿਲਾਫ ਜ਼ੀਰੋ-ਸਹਿਣਸ਼ੀਲਤਾ ਰਵੱਈਏ ਦੀ ਪੁਸ਼ਟੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਐਨਡੀਪੀਐਸ ਐਕਟ ਨੂੰ ਸਖ਼ਤ, ਪਾਰਦਰਸ਼ੀ ਅਤੇ ਬਿਨਾਂ ਕਿਸੇ ਸਮਝੌਤੇ ਦੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਖ਼ਾਤਮਾ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਵਿੱਤੀ ਢੰਗ ਨਾਲ ਜਾਂਚ ਕਰਨ ਅਤੇ ਹਵਾਲਾ ਸੰਚਾਲਕਾਂ ਵਿਰੁੱਧ ਕਾਰਵਾਈ ਕਰਕੇ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਵੀ ਕਿਹਾ।
ਆਗਾਮੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੀਆਂ ਮਹੱਤਵਪੂਰਨ ਥਾਵਾਂ 'ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਡੋਮੀਨੇਸ਼ਨ ਆਪਰੇਸ਼ਨਾਂ ਨੂੰ ਹੋਰ ਤੇਜ਼ ਕਰਨ ਅਤੇ ਹੋਰਨਾਂ ਰੋਕਥਾਮ ਅਤੇ ਜਾਸੂਸੀ ਉਪਾਵਾਂ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।
ਡੀਜੀਪੀ ਨੇ ਕਿਹਾ ਕਿ ਇਸ ਕੜੀ ਸੁਰੱਖਿਆ ਨਾਲ ਪੁਲਿਸ ਕਰਮਚਾਰੀ ਕਿਸੇ ਵੀ ਸੰਭਾਵੀ ਖਤਰੇ ਜਾਂ ਗਤੀਵਿਧੀ ਨੂੰ ਰੋਕਣ ਲਈ ਖਾਸ ਕਰਕੇ ਰਾਤ ਨੂੰ ਨਿਯਮਤ ਤੌਰ ‘ਤੇ ਗਸ਼ਤ ਅਤੇ ਚੈਕਿੰਗ ਕਰਨਗੇ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕਿਆਂ ਵਿੱਚ ਵਾਧਾ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਭੀੜ ਵਾਲੇ ਖੇਤਰਾਂ, ਹੌਟਸਪੌਟਸ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ।
ਇਸ ਦੌਰਾਨ, ਆਊਟਰੀਚ ਸੈਸ਼ਨ ਦੇ ਹਿੱਸੇ ਵਜੋਂ, ਡੀਜੀਪੀ ਪੰਜਾਬ ਨੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਅੰਤਰ-ਜ਼ਿਲ੍ਹਾ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਡਰੱਗ ਸਪਲਾਈ ਚੇਨਾਂ ਨੂੰ ਨਸ਼ਟ ਕਰਨ ਲਈ ਖੁੱਲ੍ਹੀ ਚਰਚਾ ਅਤੇ ਅਹਿਮ ਖੇਤਰੀ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕੀਤਾ।
ਇਸ ਮੀਟਿੰਗ ਵਿੱਚ ਕਮਿਸ਼ਨਰ ਆਫ ਪੁਲਿਸ (ਸੀਪੀ) ਜਲੰਧਰ ਰੇਂਜ ਧਨਪ੍ਰੀਤ ਕੌਰ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਨਾਨਕ ਸਿੰਘ, ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਐਸਐਸਪੀ ਗੁਰਦਾਸਪੁਰ ਅਦਿੱਤਿਆ, ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ, ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ, ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ, ਐਸਐਸਪੀ ਐਸਬੀਐਸ ਨਗਰ ਮਹਿਤਾਬ ਸਿੰਘ, ਐਸਐਸਪੀ ਖੰਨਾ ਡਾ. ਜੋਤੀ ਯਾਦਵ, ਐਸਐਸਪੀ ਜਗਰਾਉਂ ਅੰਕੁਰ ਗੁਪਤਾ, ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ, ਐਸਐਸਪੀ ਐਸਏਐਸ ਨਗਰ ਹਰਮਨਦੀਪ ਹੰਸ ਅਤੇ ਐਸਐਸਪੀ ਫਤਿਹਗੜ੍ਹ ਸਾਹਿਬ ਸੁਭਮ ਅਗਰਵਾਲ ਸਮੇਤ ਹੋਰ ਅਧਿਕਾਰੀ/ਕਰਮਚਾਰੀ ਸ਼ਾਮਲ ਸਨ।