ਕਿਸਾਨਾਂ ਦੀ ਰਾਇ 'ਤੇ ਲੈਂਡ ਪੂਲਿੰਗ ਨੀਤੀ ਵਾਪਸ ਲਈ: ਤਰੁਨਪ੍ਰੀਤ ਸਿੰਘ ਸੌਂਦ
ਰਵਿੰਦਰ ਸਿੰਘ
ਖੰਨਾ: ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ ਤੋਂ ਬਾਅਦ ਅੱਜ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ। ਮੰਤਰੀ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਲੋਕਾਂ ਦੀ ਰਾਇ ਅਨੁਸਾਰ ਚੱਲਦੀ ਹੈ ਅਤੇ ਇਸੇ ਕਰਕੇ ਕਿਸਾਨਾਂ ਦੀ ਨਾਰਾਜ਼ਗੀ ਨੂੰ ਵੇਖਦੇ ਹੋਏ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।
ਇਸ ਮੌਕੇ 'ਆਪ' ਸਰਕਾਰ ਵੱਲੋਂ ਖੰਨਾ ਕਿਸਾਨ ਵਿੰਗ ਦੇ ਨਵੇਂ ਅਹੁਦੇਦਾਰਾਂ ਦਾ ਵੀ ਐਲਾਨ ਕੀਤਾ ਗਿਆ। ਯਾਦਵਿੰਦਰ ਸਿੰਘ ਲਿਬੜਾ ਨੂੰ ਪ੍ਰਧਾਨ ਅਤੇ ਲਖਵੀਰ ਸਿੰਘ ਗਿੱਲ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।
ਮੰਤਰੀ ਸੌਂਦ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਦੇਸ਼ ਭਰ ਦੇ ਕਿਸਾਨਾਂ ਨੇ ਵਿਰੋਧ ਕੀਤਾ ਸੀ, ਉਦੋਂ ਵੀ ਦਿੱਲੀ ਦੀ 'ਆਪ' ਸਰਕਾਰ ਨੇ ਕਿਸਾਨਾਂ ਦਾ ਡਟ ਕੇ ਸਾਥ ਦਿੱਤਾ ਸੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ 'ਆਪ' ਸਰਕਾਰ ਹਮੇਸ਼ਾ ਕਿਸਾਨ ਪੱਖੀ ਰਹੀ ਹੈ ਅਤੇ ਰਹੇਗੀ।