ਦਰਿਆ ਬਿਆਸ ਦਾ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ - ਡਿਪਟੀ ਕਮਿਸ਼ਨਰ
ਰੋਹਿਤ ਗੁਪਤਾ
ਗੁਰਦਾਸਪੁਰ, 12 ਅਗਸਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹੇ ਵਿੱਚ ਫ਼ਿਲਹਾਲ ਦਰਿਆ ਬਿਆਸ ਤੇ ਰਾਵੀ ਵਿੱਚ ਕਿਸੇ ਤਰ੍ਹਾਂ ਦੇ ਹੜ੍ਹ ਦਾ ਕੋਈ ਖ਼ਤਰਾ ਨਹੀਂ ਹੈ ਅਤੇ ਦੋਵੇਂ ਦਰਿਆ ਆਪਣੀ ਹੱਦ ਵਿੱਚ ਵਹਿ ਰਹੇ ਹਨ। ਜਗਤਪੁਰ ਟਾਂਡਾ ਵੱਲ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਨੂੰ ਪਾਣੀ ਨਾਲ ਨੁਕਸਾਨ ਪਹੁੰਚਣ ਦੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਰਿਆ ਬਿਆਸ ਦਾ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਦਰਿਆ ਬਿਆਸ ਆਪਣੀ ਹੱਦ ਵਿੱਚ ਵਹਿ ਰਿਹਾ ਹੈ ਅਤੇ ਇਸ ਦਾ ਨਾਲ ਲੱਗਦੇ ਖੇਤਰ ਨੂੰ ਕੋਈ ਖ਼ਤਰਾ ਨਹੀਂ ਹੈ।
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਾਲ 2023 ਵਿੱਚ ਜਗਤਪੁਰ ਟਾਂਡਾ ਲਾਗੇ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਨੂੰ ਜਿੱਥੋਂ ਨੁਕਸਾਨ ਪਹੁੰਚਿਆ ਸੀ ਉਸ ਨੂੰ ਉਦੋਂ ਹੀ ਠੀਕ ਕਰ ਦਿੱਤਾ ਗਿਆ ਸੀ ਅਤੇ ਹੁਣ ਓਥੋਂ ਕਿਸੇ ਵੀ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਧੁੱਸੀ ਬੰਨ੍ਹ ਨੂੰ ਹੋਰ ਵੀ ਮਜ਼ਬੂਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਿੱਥੇ ਹੁਣ ਦਰਿਆ ਬਿਆਸ ਦਾ ਪਾਣੀ ਚੜ੍ਹਿਆ ਹੋਇਆ ਹੈ ਉਹ ਦਰਿਆ ਦਾ ਹੀ ਵਹਿਣ ਹੈ ਅਤੇ ਲੋਕਾਂ ਦੀ ਅਬਾਦੀ ਧੁੱਸੀ ਬੰਨ੍ਹ ਤੋਂ ਪਾਰ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਨੂੰ ਕੋਈ ਖ਼ਤਰਾ ਨਹੀਂ ਹੈ ਇਸ ਲਈ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸੀ ਵਰਤ ਰਿਹਾ ਹੈ ਅਤੇ ਜਦੋਂ ਵੀ ਦਰਿਆਵਾਂ ਵਿੱਚ ਵੱਧ ਪਾਣੀ ਛੱਡਣ ਦਾ ਕੋਈ ਅਲਰਟ ਹੋਵੇਗਾ ਤਾਂ ਲੋਕਾਂ ਨੂੰ ਸਮਾਂ ਰਹਿੰਦੇ ਸੂਚਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਧੁੱਸੀ ਬੰਨ੍ਹ ਤੋਂ ਪਾਰ ਦਰਿਆਵਾਂ ਵੱਲ ਨਾ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਜਾਂ 1800-180-1852 ਉੱਪਰ ਸੰਪਰਕ ਕਰ ਸਕਦੇ ਹਨ।